ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਅੱਜ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ ਅਫ਼ਸਰਾਂ (ਸੀ.ਐੱਚ.ਓਜ਼) ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੌਮੀ ਸਿਹਤ ਪ੍ਰੋਗਰਾਮਾਂ, ਮੁੱਢਲੀਆਂ ਸਿਹਤ ਸੇਵਾਵਾਂ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ।
ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਸੀ.ਐੱਚ.ਓਜ਼ ਦੀ ਭੂਮਿਕਾ ਸਿਰਫ਼ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਤੱਕ ਸੀਮਤ ਨਹੀਂ, ਸਗੋਂ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਤੇ ਰੋਕਥਾਮ ਵਿੱਚ ਵੀ ਅਹਿਮ ਹੈ। ਉਨ੍ਹਾਂ ਹਦਾਇਤ ਕੀਤੀ ਕਿ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਹੋਰ ਗੈਰ-ਸੰਚਾਰੀ ਰੋਗਾਂ ਦੀ ਸਕ੍ਰੀਨਿੰਗ, ਯੋਗ ਮਰੀਜ਼ਾਂ ਦੀ ਫਾਲੋਅਪ ਜਾਂਚ ਅਤੇ ਲੋੜ ਪੈਣ ’ਤੇ ਉੱਚ ਸਿਹਤ ਸੰਸਥਾਵਾਂ ਵਿੱਚ ਰੈਫਰਲ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਟੀ.ਬੀ. ਤੇ ਲੈਪਰੋਸੀ ਵਰਗੀਆਂ ਬਿਮਾਰੀਆਂ ਦੀ ਜਲਦੀ ਪਛਾਣ, ਮਰੀਜ਼ਾਂ ਦੀ ਫਾਲੋਅਪ ਅਤੇ ਇਲਾਜ ਪ੍ਰਤੀ ਜਾਗਰੂਕਤਾ ਵਧਾਉਣ ਲਈ ਲਗਾਤਾਰ ਯਤਨ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਸੀ.ਐੱਚ.ਓਜ਼ ਆਯੁਸ਼ਮਾਨ ਆਰੋਗਿਆ ਮੰਦਰਾਂ ਰਾਹੀਂ ਲੋਕਾਂ ਨੂੰ ਆਮ ਬਿਮਾਰੀਆਂ ਦੀ ਮੁੱਢਲੀ ਜਾਂਚ ਤੇ ਇਲਾਜ, ਮੂੰਹ ਦੀ ਸਿਹਤ, ਮਾਨਸਿਕ ਸਿਹਤ, ਬਜ਼ੁਰਗਾਂ ਦੀ ਦੇਖਭਾਲ ਅਤੇ ਸਿਹਤ ਸਲਾਹ ਸੇਵਾਵਾਂ ਬਾਰੇ ਜਾਗਰੂਕ ਕਰਨ। ਲੋੜ ਪੈਣ ’ਤੇ ਟੈਲੀ-ਕੰਸਲਟੇਸ਼ਨ ਅਤੇ ਰੈਫਰਲ ਸੇਵਾਵਾਂ ਦਾ ਵੀ ਪੂਰਾ ਲਾਹਾ ਲਿਆ ਜਾਵੇ।
ਡਾ. ਕਿਰਪਾਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਿਹਤ ਪ੍ਰੋਗਰਾਮਾਂ ਦੀ ਸਫਲਤਾ ਲਈ ਫੀਲਡ ਪੱਧਰ ’ਤੇ ਨਿਯਮਤ ਨਿਗਰਾਨੀ, ਸਹੀ ਰਿਕਾਰਡ ਅਤੇ ਆਸ਼ਾ ਵਰਕਰਾਂ ਤੇ ਹੋਰ ਸਿਹਤ ਕਰਮਚਾਰੀਆਂ ਨਾਲ ਬਿਹਤਰ ਤਾਲਮੇਲ ਜ਼ਰੂਰੀ ਹੈ। ਉਨ੍ਹਾਂ ਸੀ.ਐੱਚ.ਓਜ਼ ਨੂੰ ਹਦਾਇਤ ਕੀਤੀ ਕਿ ਸਿਹਤ ਸਬੰਧੀ ਜਾਣਕਾਰੀ ਘਰ-ਘਰ ਪਹੁੰਚਾਈ ਜਾਵੇ ਅਤੇ ਲੋਕਾਂ ਨੂੰ ਸੰਤੁਲਿਤ ਖੁਰਾਕ, ਸਰੀਰਕ ਕਸਰਤ, ਨਸ਼ਿਆਂ ਤੋਂ ਦੂਰੀ ਅਤੇ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਵਰਗ ਤੱਕ ਪਹੁੰਚਯੋਗ, ਮਿਆਰੀ ਤੇ ਸਮੇਂ ਸਿਰ ਸਿਹਤ ਸੇਵਾਵਾਂ ਪਹੁੰਚਾਉਣਾ ਹੈ। ਇਸ ਲਈ ਸਾਰੇ ਸੀ.ਐੱਚ.ਓਜ਼ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਸਰਕਾਰੀ ਸਿਹਤ ਪ੍ਰੋਗਰਾਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣ।
ਇਸ ਮੌਕੇ ਹੋਰਨਾਂ ਤੋੰ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਅਤੇ ਡੀਲਿੰਗ ਸਹਾਇਕ ਰਵਿੰਦਰ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।