ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਵੱਡੀ ਤਰਥੱਲੀ ਮਚ ਗਈ, ਜਦੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਭਾਜਪਾ ਵਿੱਚ ਸ਼ਾਮਲ ਹੋ ਗਏ। ਇਕ ਦਿਨ ਪਹਿਲਾਂ ਹੀ ਪੁਨਰ-ਸੁਰਜੀਤ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲੇ ਚਰਨਜੀਤ ਸਿੰਘ ਬਰਾੜ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਖ਼ਬਰ ਨੇ ਸੂਬੇ ਦੇ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਤੇਜ਼ ਕਰ ਦਿੱਤੀ ਹੈ।
ਚਰਨਜੀਤ ਸਿੰਘ ਬਰਾੜ ਦੇ ਨਾਲ ਹੀ ਅਕਾਲੀ ਦਲ ਅਤੇ ਕਾਂਗਰਸ ਵਿੱਚ ਰਹਿ ਚੁੱਕੇ ਜਗਮੀਤ ਬਰਾੜ ਅਤੇ ਉਨ੍ਹਾਂ ਦੇ ਭਰਾ, ਸਾਬਕਾ ਵਿਧਾਇਕ ਰਿਪਜੀਤ ਬਰਾੜ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਆਗੂਆਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਅਧਿਕਾਰਿਕ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।
ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਸੀਨੀਅਰ ਭਾਜਪਾ ਆਗੂ ਤੇ ਵਿਧਾਇਕ ਅਸ਼ਵਨੀ ਸ਼ਰਮਾ ਵੀ ਮੌਜੂਦ ਰਹੇ। ਭਾਜਪਾ ਵੱਲੋਂ ਲਗਾਤਾਰ ਸਾਬਕਾ ਅਕਾਲੀ ਅਤੇ ਕਾਂਗਰਸੀ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਨੂੰ ਪੰਜਾਬ ਵਿੱਚ ਆਪਣੀ ਸਿਆਸੀ ਤਾਕਤ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।
ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਚਰਨਜੀਤ ਸਿੰਘ ਬਰਾੜ ਅਤੇ ਹੋਰ ਆਗੂਆਂ ਦੀ ਭਾਜਪਾ ਵਿੱਚ ਸ਼ਮੂਲੀਅਤ ਨਾਲ ਸੂਬੇ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣ ਸਕਦੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਲਈ ਇਹ ਵੱਡਾ ਝਟਕਾ ਸਾਬਤ ਹੋ ਸਕਦਾ ਹੈ।