ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਗਈ। ਪ੍ਰਧਾਨ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਬੰਧੀ ਸੇਵਾ ਨਿਯਮ, ਨਿਯੁਕਤੀ ਤੇ ਸੇਵਾ ਮੁਕਤੀ ਨੂੰ ਲੈ ਕੇ ਸਬ ਕਮੇਟੀ ਗਠਤ ਕੀਤੀ ਜਾਵੇਗੀ, ਜੋ ਇਸ ਸਬੰਧੀ ਆਪਣੀ ਰਾਏ ਸ਼੍ਰੋਮਣੀ ਕਮੇਟੀ ਨੂੰ ਦੇਵੇਗੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਵੱਡੇ ਪੱਧਰ 'ਤੇ ਮਨਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤੇ ਇਸ ਸ਼ਤਾਬਦੀ ਲਈ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਵਿਚ ਪੰਜ ਕਰੋੜ ਦਾ ਵਿਸ਼ੇਸ਼ ਬਜਟ ਵੀ ਰਾਖਵਾਂ ਰੱਖਿਆ ਗਿਆ ਹੈ।
ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਚ ਲਗਾਉਣ ਦੇ ਫੈਸਲੇ ਬਾਰੇ ਮੁੜ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਛੇ ਜੂਨ ਦੇ ਘੱਲੂਘਾਰਾ ਸਮਾਗਮ ਵਿਚ ਦਮਦਮੀ ਟਕਸਾਲ ਤੇ ਨਿਹੰਗ ਸਿੰਘ ਜਥੇਬੰਦੀਆਂ ਸਮੇਤ ਸਹਿਯੋਗ ਦੇਣ ਵਾਲੀਆਂ ਸਮੂਹ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।