ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫ਼ਾਸ਼ ਕਰਕੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ 8 ਆਧੁਨਿਕ ਪਿਸਤੌਲ ਸਮੇਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਦੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ।
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਵਰਚੁਅਲ ਨੰਬਰਾਂ ਰਾਹੀਂ ਇਕ ਵਿਦੇਸ਼ੀ ਤਸਕਰ ਦੇ ਸੰਪਰਕ 'ਚ ਸਨ। ਇਹ ਮਾਡਿਊਲ ਸਰਹੱਦ ਪਾਰ ਤੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਮੰਗਵਾ ਕੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ। ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐੱਫ਼. ਆਈ. ਆਰ. ਦਰਜ ਕੀਤੀਆਂ ਗਈਆਂ ਹਨ। ਅਗਲੇ ਅਤੇ ਪਿਛਲੇ ਸੰਬੰਧ ਸਥਾਪਤ ਕਰਨ ਅਤੇ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਪੰਜਾਬ ਪੁਲਸ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਵਚਨਬੱਧ ਹੈ।