ਖਰੜ (ਪ੍ਰੀਤ ਪੱਤੀ) : ਪੰਜਾਬ ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਰਾਣਾ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦੇ ਅਤੇ ਗਾਰੰਟੀਆਂ ਅੱਜ ਸਿਰਫ਼ ਚੋਣੀ ਨਾਅਰੇ ਬਣ ਕੇ ਰਹਿ ਗਏ ਹਨ।
ਰਾਣਾ ਨੇ ਕਿਹਾ ਕਿ ਸਰਕਾਰ ਨੇ ਮਹਿਲਾਵਾਂ ਨੂੰ ਹਰ ਮਹੀਨੇ ₹1000 ਦੇਣ, ਭ੍ਰਿਸ਼ਟਾਚਾਰ ਖ਼ਤਮ ਕਰਨ, ਨਸ਼ੇ ਅਤੇ ਗੈਂਗਸਟਰਵਾਦ 'ਤੇ ਨੱਥ ਪਾਉਣ, ਕਿਸਾਨਾਂ ਨੂੰ ਸਾਰੀਆਂ ਫ਼ਸਲਾਂ 'ਤੇ ਐਮਐਸਪੀ ਦੇਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਮੁਲਾਜ਼ਮਾਂ ਨੂੰ ਸਮੇਂ ਸਿਰ ਡੀਏ ਦੇਣ ਵਰਗੇ ਕਈ ਵਾਅਦੇ ਕੀਤੇ ਸਨ, ਪਰ ਇਨ੍ਹਾਂ ਵਿੱਚੋਂ ਬਹੁਤੇ ਵਾਅਦੇ ਅਜੇ ਤੱਕ ਧਰਾਤਲ 'ਤੇ ਨਜ਼ਰ ਨਹੀਂ ਆ ਰਹੇ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਗਾਰੰਟੀਆਂ ਦੇ ਆਧਾਰ 'ਤੇ ਪੰਜਾਬ ਦੇ ਲੋਕਾਂ ਤੋਂ ਵੋਟਾਂ ਮੰਗੀਆਂ ਗਈਆਂ ਸਨ, ਅੱਜ ਉਹੀ ਲੋਕ ਸਰਕਾਰ ਤੋਂ ਉਨ੍ਹਾਂ ਗਾਰੰਟੀਆਂ ਦਾ ਹਿਸਾਬ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਵਾਅਦੇ ਤਾਂ ਬਹੁਤ ਕੀਤੇ ਗਏ, ਪਰ ਲੋਕਾਂ ਨੂੰ ਉਨ੍ਹਾਂ ਦੇ ਨਤੀਜੇ ਨਹੀਂ ਦਿਖਾਈ ਦੇ ਰਹੇ।
ਰਾਣਾ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਦਾ ਹਰ ਵਰਗ ਧਰਨਿਆਂ ਅਤੇ ਪ੍ਰਦਰਸ਼ਨਾਂ 'ਤੇ ਬੈਠਣ ਲਈ ਮਜਬੂਰ ਹੋਇਆ ਹੈ। ਮੁਲਾਜ਼ਮ, ਕਿਸਾਨ, ਵਪਾਰੀ, ਨੌਜਵਾਨ, ਮਹਿਲਾਵਾਂ ਅਤੇ ਹੋਰ ਕਈ ਵਰਗ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਵਾਅਦਿਆਂ ਅਤੇ ਗਾਰੰਟੀਆਂ ਦੇ ਆਧਾਰ 'ਤੇ ਸਰਕਾਰ ਬਣੀ ਸੀ, ਅੱਜ ਲੋਕਾਂ ਨੂੰ ਉਹੀ ਵਾਅਦੇ ਯਾਦ ਦਿਵਾਉਣ ਲਈ ਸੜਕਾਂ 'ਤੇ ਉਤਰਨਾ ਪੈ ਰਿਹਾ ਹੈ। ਇਹ ਹਾਲਾਤ ਸਾਫ਼ ਦਰਸਾਉਂਦੇ ਹਨ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਹਨ ਅਤੇ ਆਪਣੀਆਂ ਸਮੱਸਿਆਵਾਂ ਦੇ ਹੱਲ ਦੀ ਉਡੀਕ ਕਰ ਰਹੇ ਹਨ।
ਰਾਣਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਰਕਾਰ ਤੋਂ ਸਿੱਧਾ ਸਵਾਲ ਪੁੱਛ ਰਹੇ ਹਨ ਕਿ ਚੋਣਾਂ ਦੌਰਾਨ ਕੀਤੀਆਂ ਗਈਆਂ ਗਾਰੰਟੀਆਂ ਆਖ਼ਿਰ ਕਦੋਂ ਪੂਰੀਆਂ ਹੋਣਗੀਆਂ।
ਰਾਣਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਸਮੇਂ-ਸਮੇਂ 'ਤੇ ਸੂਬੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਸੱਤਾ ਵਿੱਚ ਆਉਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਅਪੀਲ ਕੀਤੀ ਕਿ ਜਿਸ ਤਰ੍ਹਾਂ ਲੋਕਾਂ ਨੇ ਹੋਰਨਾਂ ਪਾਰਟੀਆਂ ਨੂੰ ਅਜ਼ਮਾਇਆ ਹੈ, ਉਸੇ ਤਰ੍ਹਾਂ ਭਾਰਤੀ ਜਨਤਾ ਪਾਰਟੀ ਨੂੰ ਵੀ ਇੱਕ ਮੌਕਾ ਦੇ ਕੇ ਦੇਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਹੇਠ ਚੱਲ ਰਹੀ ਡਬਲ ਇੰਜਣ ਸਰਕਾਰ ਨੇ ਵਿਕਾਸ ਅਤੇ ਸੁਸ਼ਾਸਨ ਦਾ ਮਾਡਲ ਪੇਸ਼ ਕੀਤਾ ਹੈ ਅਤੇ ਪੰਜਾਬ ਵਿੱਚ ਵੀ ਭਾਜਪਾ ਦੀ ਸਰਕਾਰ ਬਣਨ ਨਾਲ ਵਿਕਾਸ ਨੂੰ ਨਵੀਂ ਗਤੀ ਮਿਲੇਗੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦਾ ਯਤਨ ਕੀਤਾ ਜਾਵੇਗਾ।