ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾੜ੍ਹੀ 2026-27 ਦੀਆਂ ਫ਼ਸਲਾਂ ਬਾਰੇ ਕਿਸਾਨਾਂ ਨੂੰ ਆਧੁਨਿਕ, ਉੱਨਤ ਅਤੇ ਤਕਨੀਕੀ ਜਾਣਕਾਰੀ ਦੇ ਕੇ ਉਨ੍ਹਾਂ ਦੀ ਆਮਦਨ ਵਧਾਉਣ ਅਤੇ ਖੇਤੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਰਹਿਨੁਮਾਈ ਹੇਠ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਅਤੇ ਖੇਤੀ ਪ੍ਰਦਰਸ਼ਨੀ ਦਾ ਵਿਸ਼ੇਸ਼ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮਹੱਤਵਪੂਰਨ ਕਿਸਾਨ ਮੇਲਾ ਮਿਤੀ 07 ਅਕਤੂਬਰ 2026, ਦਿਨ ਬੁੱਧਵਾਰ ਨੂੰ ਸ਼ਹਿਨਸ਼ਾਹ ਪੈਲੇਸ, ਗੜ੍ਹਸ਼ੰਕਰ-ਬਲਾਚੌਰ ਰੋਡ, ਕਰਾਵਰ ਵਿਖੇ ਸਵੇਰੇ 9:00 ਵਜੇ ਤੋਂ ਦੁਪਹਿਰ 2:30 ਵਜੇ ਤੱਕ ਲਗਾਇਆ ਜਾਵੇਗਾ।
ਇਸ ਸਮਾਰੋਹ ਵਿੱਚ ਹਲਕਾ ਬਲਾਚੌਰ ਦੇ ਐੱਮ.ਐੱਲ.ਏ. ਸ੍ਰੀਮਤੀ ਸੰਤੋਸ਼ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਮੇਲੇ ਦਾ ਵਿਧਵਤ ਉਦਘਾਟਨ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਡਿਪਟੀ ਕਮਿਸ਼ਨਰ ਵਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਡਾ. ਕਰਨਜੀਤ ਸਿੰਘ ਗਿੱਲ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਵ.ਸ.), ਇਸ ਸਮਾਗਮ ਦੇ ਵਿਸ਼ੇਸ਼ ਮਹਿਮਾਨ ਹੋਣਗੇ ਅਤੇ ਹਾਜ਼ਰ ਕਿਸਾਨਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਸੰਬੋਧਨ ਕਰਨਗੇ।
ਇਸ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮਾਹਰਾਂ ਦੀ ਉੱਚ ਪੱਧਰੀ ਟੀਮ ਵੀ ਉਚੇਚੇ ਤੌਰ 'ਤੇ ਪਹੁੰਚ ਰਹੀ ਹੈ, ਜੋ ਕਿਸਾਨਾਂ ਨੂੰ ਖੇਤੀਬਾੜੀ ਖੇਤਰ ਵਿੱਚ ਹੋ ਰਹੀਆਂ ਨਵੀਆਂ ਖੋਜਾਂ, ਬੀਜਾਂ ਦੀਆਂ ਸੁਧਰੀਆਂ ਕਿਸਮਾਂ ਅਤੇ ਫ਼ਸਲਾਂ ਦੀ ਸਾਂਭ-ਸੰਭਾਲ ਦੇ ਨਵੀਨਤਮ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਵੇਗੀ। ਇਸ ਤੋਂ ਇਲਾਵਾ ਮੇਲੇ ਵਾਲੀ ਥਾਂ 'ਤੇ ਵੱਖ-ਵੱਖ ਵਿਭਾਗਾਂ ਅਤੇ ਖੇਤੀ ਖੇਤਰ ਨਾਲ ਜੁੜੀਆਂ ਸੰਸਥਾਵਾਂ ਵੱਲੋਂ ਨਵੀਨਤਮ ਤਕਨਾਲੋਜੀ, ਮਸ਼ੀਨਰੀ, ਜੈਵਿਕ ਖੇਤੀ, ਖਾਦਾਂ ਅਤੇ ਆਧੁਨਿਕ ਖੇਤੀ ਅਭਿਆਸਾਂ ਨਾਲ ਸਬੰਧਤ ਵਿਸ਼ੇਸ਼ ਪ੍ਰਦਰਸ਼ਨੀ ਸਟਾਲ ਲਗਾਏ ਜਾਣਗੇ। ਇਨ੍ਹਾਂ ਸਟਾਲਾਂ 'ਤੇ ਕਿਸਾਨਾਂ ਨੂੰ ਪ੍ਰੈਕਟੀਕਲ ਜਾਣਕਾਰੀ ਮਿਲੇਗੀ ਅਤੇ ਉਨ੍ਹਾਂ ਦੀਆਂ ਖੇਤੀ ਨਾਲ ਸਬੰਧਤ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਦੱਸਿਆ ਜਾਵੇਗਾ।
ਇਸ ਕਿਸਾਨ ਮੇਲੇ ਵਿੱਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਭਰ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਣਗੇ। ਇਸ ਲਈ ਸਮੂਹ ਕਿਸਾਨ ਭਰਾਵਾਂ ਨੂੰ ਪੁਰਜ਼ੋਰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਇਲਾਕੇ ਦੇ ਹੋਰ ਕਿਸਾਨ ਸਾਥੀਆਂ ਨੂੰ ਨਾਲ ਲੈ ਕੇ ਇਸ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹੁੰਮ-ਹੁਮਾ ਕੇ ਪਹੁੰਚਣ। ਮੇਲੇ ਵਿੱਚ ਲਗਾਏ ਜਾ ਰਹੇ ਪ੍ਰਦਰਸ਼ਨੀ ਸਟਾਲਾਂ ਦਾ ਦੌਰਾ ਕਰਨ, ਖੇਤੀ ਮਾਹਰਾਂ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ ਟੀਮ ਨਾਲ ਸਿੱਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਲਾਹੇਵੰਦ ਸਲਾਹਾਂ ਦਾ ਪੂਰਾ ਲਾਭ ਉਠਾ ਕੇ ਆਪਣੀ ਖੇਤੀ ਨੂੰ ਹੋਰ ਆਧੁਨਿਕ, ਸਰਲ ਅਤੇ ਮੁਨਾਫ਼ੇਯੋਗ ਬਣਾਉਣ।-