ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਜਿਲ੍ਹੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕਰਨ, ਨਵਾਂ ਅਲਟਰਾਸਾਊਂਡ ਸਕੈਨ ਸੈੰਟਰ ਖੋਲ੍ਹਣ ਦੀ ਮਨਜ਼ੂਰੀ ਦੇਣ ਅਤੇ ਐੱਮ.ਟੀ.ਪੀ. ਕਿੱਟ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਵੈਲਿਡ ਪ੍ਰੈਸਕ੍ਰਿਪਸ਼ਨ 'ਤੇ ਹੀ ਕੈਮਿਸਟ/ ਮੈਡੀਕਲ ਸਟੋਰਾਂ ਵੱਲੋਂ ਮੁਹੱਈਆ ਕਰਵਾਉਣ ਸਮੇਤ ਵੱਖ-ਵੱਖ ਏਜੰਡਿਆਂ 'ਤੇ ਵਿਚਾਰ-ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਕਾਰਜਕਾਰੀ ਪੀ.ਸੀ.ਪੀ.ਐਨ.ਡੀ.ਟੀ. ਕੋਆਰਡੀਨੇਟਰ ਹਰਨੇਕ ਸਿੰਘ ਨੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੇ ਮੈਂਬਰਾਂ ਨੂੰ ਮੀਟਿੰਗ ਦੇ ਏਜੰਡੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਅਲਟਰਾਸਾਊਂਡ ਸਕੈਨ ਕੇਂਦਰਾਂ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ ਹੈ। ਜ਼ਿਲ੍ਹੇ ਵਿਚ ਨਿਰੰਤਰ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਚੈੱਕਿੰਗ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਭਰੂਣ ਹੱਤਿਆ ਦੀ ਅਲਾਮਤ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਅਲਟਰਾਸਾਊਂਡ ਸਕੈਨ ਸੈਂਟਰਾਂ ਨੂੰ ਹਦਾਇਤਾਂ ਹਨ ਕਿ ਉਹ ਐਕਟ ਦੇ ਨਿਯਮਾਂ ਅਨੁਸਾਰ ਹੀ ਕੰਮ ਕਰਨ। ਇਸ ਐਕਟ ਅਧੀਨ ਸਕੈਨਿੰਗ ਸੈਂਟਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਸਕੈਨਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਨੂੰ ਨਵਿਆਉਣ ਲਈ ਸਮੇਂ ਸਿਰ ਅਪਲਾਈ ਕਰਨਾ ਯਕੀਨੀ ਬਣਾਉਣ।
ਉਨ੍ਹਾਂ ਨੇ ਦੱਸਿਆ ਕਿ ਸਮੇਂ-ਸਮੇਂ 'ਤੇ ਸਿਹਤ ਵਿਭਾਗ ਵੱਲੋਂ ਗਠਿਤ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਜ਼ਿਲ੍ਹੇ ਦੇ ਸਕੈਨਿੰਗ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਂਦੀ ਹੈ ਤੇ ਦੇਖਿਆ ਜਾਂਦਾ ਹੈ ਕਿ ਉਨ੍ਹਾਂ ਦਾ ਰਿਕਾਰਡ ਐਕਟ ਦੇ ਨਿਯਮਾਂ ਅਨੁਸਾਰ ਹੈ ਜਾਂ ਨਹੀਂ। ਉਨ੍ਹਾਂ ਨੇ ਕਿਹਾ ਕਿ ਗਰਭ ਵਿੱਚ ਪਲ ਰਹੇ ਭਰੂਣ ਦੇ ਲਿੰਗ ਦੀ ਜਾਂਚ ਕਰਨਾ ਜਾਂ ਜਾਂਚ ਕਰਵਾਉਣ ਲਈ ਗਰਭਵਤੀ ਮਹਿਲਾ 'ਤੇ ਦਬਾਅ ਪਾਉਣਾ ਕਾਨੂੰਨ ਦੀ ਨਜ਼ਰ ਵਿੱਚ ਜੁਰਮ ਹੈ ਤੇ ਐਕਟ ਦੇ ਤਹਿਤ ਅਜਿਹਾ ਮਾਮਲਾ ਸਾਹਮਣੇ ਆਉਣ 'ਤੇ ਸਜ਼ਾ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਘੱਟੋ-ਘੱਟ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ।
ਸਿਵਲ ਸਰਜਨ ਨੇ ਐੱਮ.ਟੀ.ਪੀ. ਕਿੱਟ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਵੈਲਿਡ ਪ੍ਰੈਸਕ੍ਰਿਪਸ਼ਨ 'ਤੇ ਹੀ ਕੈਮਿਸਟ/ ਮੈਡੀਕਲ ਸਟੋਰਾਂ ਵੱਲੋਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਐੱਮ.ਟੀ.ਪੀ. ਕਿੱਟ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਪ੍ਰੈਸਕ੍ਰਿਪਸ਼ਨ ਤੋਂ ਬਿਨਾਂ ਵੇਚਣੀ ਗੈਰ-ਕਾਨੂੰਨੀ ਹੈ। ਹਰ ਮੈਡੀਕਲ ਸਟੋਰ ਨੂੰ ਐਮ.ਟੀ.ਪੀ. ਕਿੱਟਾਂ ਦੀ ਖਰੀਦ ਅਤੇ ਵਿਕਰੀ ਦਾ ਮੁਕੰਮਲ ਰਿਕਾਰਡ ਅਤੇ ਸੰਬੰਧਿਤ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਪ੍ਰੈਸਕ੍ਰਿਪਸ਼ਨ ਦੀ ਫੋਟੋਕਾਪੀ ਦਾ ਰਿਕਾਰਡ ਰੱਖਣਾ ਲਾਜ਼ਮੀ ਹੈ, ਜਿਸਦੀ ਕਿਸੇ ਵੇਲੇ ਵੀ ਅਚਨਚੇਤ ਚੈਕਿੰਗ ਕੀਤੀ ਜਾ ਸਕਦੀ ਹੈ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਲਈ ਪੂਰੀ ਤਰ੍ਹਾਂ ਗੰੰਭੀਰ ਹੈ, ਜਿਸ ਲਈ ਜ਼ਿਲ੍ਹੇ ਵਿਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਔਰਤ ਸਮਾਜ ਦੀ ਇੱਕ ਮਜ਼ਬੂਤ ਧਿਰ ਹੈ, ਇਸ ਲਈ ਸਾਨੂੰ ਧੀਆਂ ਪ੍ਰਤੀ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਲਿੰਗ ਨਿਧਾਰਣ ਟੈਸਟ ਕਰਨ ਵਾਲੇ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦਰਜ ਹੋਣ 'ਤੇ ਫਰਜ਼ੀ ਮਰੀਜ਼ ਨੂੰ 1 ਲੱਖ ਰੁਪਏ ਤੇ ਸੂਚਨਾ ਦੇਣ ਵਾਲੇ ਨੂੰ 50,000 ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਉਪਰੰਤ ਸਕੈਨਿੰਗ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਕਾਫੀ ਹੱਦ ਤੱਕ ਸੁਧਾਰ ਹੋਇਆ ਹੈ ਪਰ ਅਜੇ ਹੋਰ ਵੀ ਸਖ਼ਤੀ ਦੀ ਲੋੜ ਹੈ।
ਅੰਤ ਵਿੱਚ ਸਿਵਲ ਸਰਜਨ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦੇ ਕਿਹਾ ਕਿ ਜੇਕਰ ਤੁਹਾਨੂੰ ਕਿਸੇ 'ਤੇ ਭਰੂਣ ਹੱਤਿਆ ਵਰਗੀਆਂ ਗੈਰਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਦਾ ਸ਼ੱਕ ਹੋਵੇ ਤਾਂ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ।
ਇਸ ਮੌਕੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ ਬਲਰਾਜ ਚੌਧਰੀ, ਕਮੇਟੀ ਮੈਂਬਰ ਡਾ ਹਰਕੇਸ਼ ਕੁਮਾਰ, ਸਹਾਇਕ ਜ਼ਿਲ੍ਹਾ ਅਟਾਰਨੀ ਅਮਨਦੀਪ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਸਮਾਜਸੇਵੀ ਰਤਨ ਜੈਨ, ਬੀਰਬਲ ਤੱਖੀ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਪ੍ਰਤੀਨਿਧੀ ਸੁਪਰੀਆ ਠਾਕੁਰ ਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ।