ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਮਾਣਯੋਗ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਸੋਮਵਾਰ ਨੂੰ ਆਸ਼ਾ ਦਿਵਸ ਮਨਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਅਰਬਨ ਨਵਾਂਸ਼ਹਿਰ ਵਿੱਚ ਸਭ ਤੋਂ ਵਧੀਆ ਕੰਮ ਕਰਨ ਵਾਲੀ ਆਸ਼ਾ ਵਰਕਰ ਸ਼ੀਲਾ ਦੇਵੀ ਨੂੰ ਸਨਮਾਨਿਤ ਕੀਤਾ ਜਿਨ੍ਹਾਂ ਨੇ ਆਪਣੇ ਏਰੀਏ ਵਿੱਚ ਲੋਕਾਂ ਤੱਕ ਮਿਆਰੀ ਸਿਹਤ ਸੇਵਾਵਾਂ ਪਹੁੰਚਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਇਸ ਮੌਕੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਆਸ਼ਾ ਵਰਕਰ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਨੇ ਕਿਹਾ ਕਿ ਆਸ਼ਾ ਵਰਕਰਾਂ ਦੀ ਨਿਸ਼ਠਾ, ਸਮਰਪਣ ਅਤੇ ਮਿਹਨਤ ਨਾਲ ਹੀ ਸਰਕਾਰ ਦੀਆਂ ਸਿਹਤ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਦਾ ਹੈ। ਜੱਚਾ ਤੇ ਬੱਚਾ ਸਿਹਤ, ਟੀਕਾਕਰਨ, ਪਰਿਵਾਰ ਨਿਯੋਜਨ, ਵੈਕਟਰ ਬੌਰਨ ਡਿਜੀਜ ਕੰਟਰੋਲ ਪ੍ਰੋਗਰਾਮ ਵਰਗੀਆਂ ਯੋਜਨਾਵਾਂ ਵਿੱਚ ਆਸ਼ਾ ਵਰਕਰਾਂ ਦੀ ਭੂਮਿਕਾ ਬੇਮਿਸਾਲ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਇਹ ਸਨਮਾਨ ਹੋਰ ਵਰਕਰਾਂ ਲਈ ਪ੍ਰੇਰਣਾ ਸਰੋਤ ਬਣੇਗਾ ਅਤੇ ਉਹ ਹੋਰ ਵੀ ਉਤਸ਼ਾਹ ਨਾਲ ਆਪਣੀ ਸੇਵਾ ਜਾਰੀ ਰੱਖਣਗੀਆਂ। ਅੰਤ ਵਿੱਚ ਸਿਹਤ ਵਿਭਾਗ ਵੱਲੋਂ ਸਮੂਹ ਆਸ਼ਾ ਵਰਕਰਾਂ ਨੂੰ ਉਨ੍ਹਾਂ ਦੀ ਨਿਰੰਤਰ ਸੇਵਾ ਅਤੇ ਸਮਰਪਣ ਲਈ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਕੰਮ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਲ ਐੱਚ ਵੀ ਗਗਨਦੀਪ ਕੌਰ, ਸੂਚਨਾ ਸਹਾਇਕ ਅਮਨਦੀਪ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।