ਤਿਰੂਵਨੰਤਪੁਰਮ : ਕਾਂਗਰਸ ਨੇ ਸੋਮਵਾਰ ਨੂੰ ਕੇਂਦਰ ਨੂੰ ਇਹ ਸਪੱਸ਼ਟ ਕਰਨ ਦੀ ਅਪੀਲ ਕੀਤੀ ਕਿ ਕੀ ਉਹ ਕਸ਼ਮੀਰ ਮੁੱਦੇ 'ਤੇ ਤੀਜੀ ਧਿਰ ਦੀ ਵਿਚੋਲਗੀ ਲਈ ਤਿਆਰ ਹੈ ਅਤੇ ਉਸ ਨੇ ਨਾਲ ਹੀ ਸਾਵਧਾਨ ਕੀਤਾ ਕਿ ਇਸ ਤਰ੍ਹਾਂ ਦਾ ਰੁਖ ਸ਼ਿਮਲਾ ਸਮਝੌਤੇ ਦੀ ਉਲੰਘਣਾ ਹੋ ਸਕਦਾ ਹੈ। ਕਾਂਗਰਸ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਰੋਜ਼ਾਨਾ ਦਿੱਤੇ ਜਾ ਰਹੇ ਇਨ੍ਹਾਂ ਬਿਆਨਾਂ ਦਾ ਹਵਾਲਾ ਦਿੱਤਾ ਜਿਸ 'ਚ ਦਾਅਵਾ ਕੀਤਾ ਗਿਆ ਹੈ ਕਿ ਟਰੰਪ ਇਸ ਮਾਮਲੇ 'ਚ ਦਖ਼ਲ ਦੇ ਰਹੇ ਹਨ। ਕਾਂਗਰਸ ਨੇ ਕਿਹਾ ਕਿ ਇਸ ਮਾਮਲੇ 'ਤੇ ਕੇਂਦਰ ਸਰਕਾਰ ਤੋਂ ਸਪੱਸ਼ਟੀਕਰਨ ਜ਼ਰੂਰੀ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਇੱਥੇ ਇਕ ਪਾਰਟੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਜਾਣਨਾ ਚਾਹੁੰਦੀ ਹੈ ਕਿ ਕੀ ਦੇਸ਼ ਦੀ ਵਿਦੇਸ਼ ਨੀਤੀ 'ਚ ਕੋਈ ਬਦਲਾਅ ਆਇਆ ਹੈ ਅਤੇ ਇਸ ਲਈ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਸੰਸਦ 'ਚ ਉਠਾਇਆ ਜਾਣਾ ਚਾਹੀਦਾ ਹੈ। ਹੁਣ ਸਵਾਲ ਚੁੱਕੇ ਜਾ ਰਹੇ ਹਨ ਕਿ ਕੀ ਸ਼ਿਮਲਾ ਸਮਝੌਤੇ ਦੀ ਉਲੰਘਣਾ ਹੋਈ ਹੈ। ਵੇਣੂਗੋਪਾਲ ਨੇ ਕਿਹਾ,"ਕੀ ਸ਼ਿਮਲਾ ਸਮਝੌਤੇ ਦੀ ਉਲੰਘਣਾ ਹੋਈ ਸੀ ਜੋ ਭਾਰਤ ਅਤੇ ਪਾਕਿਸਤਾਨ ਵਿਚਕਾਰ ਕਸ਼ਮੀਰ ਮੁੱਦੇ 'ਚ ਕਿਸੇ ਵੀ ਤੀਜੀ ਧਿਰ ਦੀ ਸ਼ਮੂਲੀਅਤ ਨੂੰ ਰੱਦ ਕਰਦਾ ਹੈ? ਟਰੰਪ ਰੋਜ਼ਾਨਾ ਬਿਆਨ ਜਾਰੀ ਕਰ ਰਹੇ ਹਨ, ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਨੇ ਇਸ ਮਾਮਲੇ 'ਚ ਦਖਲ ਦਿੱਤਾ ਹੈ। ਅਸੀਂ ਸਰਕਾਰ ਤੋਂ ਸਪੱਸ਼ਟੀਕਰਨ ਚਾਹੁੰਦੇ ਹਾਂ।"
ਉਨ੍ਹਾਂ ਕਿਹਾ,''ਕਾਂਗਰਸ ਪਾਰਟੀ ਨੇ ਇਨ੍ਹਾਂ ਮੁੱਦਿਆਂ 'ਤੇ ਚਰਚਾ ਲਈ ਪ੍ਰਧਾਨ ਮੰਤਰੀ ਨੂੰ ਤੁਰੰਤ ਸੰਸਦ ਸੈਸ਼ਨ ਬੁਲਾਉਣ ਲਈ ਕਿਹਾ ਹੈ। ਇਸ ਦਾ ਮਕਸਦ ਕਿਸੇ ਨੂੰ ਦੋਸ਼ੀ ਠਹਿਰਾਉਣਾ ਜਾਂ ਉਨ੍ਹਾਂ ਨੂੰ ਕਟਘਰੇ 'ਚ ਖੜ੍ਹਾ ਕਰਨਾ ਨਹੀਂ ਹੈ।'' ਕਾਂਗਰਸ ਪਾਰਟੀ ਨੇ ਸਥਿਤੀ ਦਾ ਵਿਸਥਾਰ ਨਾਲ ਮੁਲਾਂਕਣ ਕਰਨ, ਕੀਤੀ ਗਈ ਕਿਸੇ ਵੀ ਗਲਤੀ ਦੀ ਪਛਾਣ ਕਰਨ ਅਤੇ ਇਹ ਯਕੀਨੀ ਕਰਨ ਲਈ ਵੀ ਸੰਸਦ ਦੇ ਵਿਸ਼ੇਸ਼ ਸੈਸ਼ਨ ਦੀ ਅਪੀਲ ਕੀਤੀ ਕਿ ਭਵਿੱਖ 'ਚ ਉਨ੍ਹਾਂ ਨੂੰ ਦੋਹਰਾਇਆ ਨਾ ਜਾਵੇ। ਉਨ੍ਹਾਂ ਕਿਹਾ,''ਸਾਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਮਿਲਣੇ ਚਾਹੀਦੇ ਹਨ ਤਾਂ ਕਿ ਲਾਪਰਵਾਹੀ ਅਤੇ ਗਲਤੀਆਂ ਨੂੰ ਸੁਧਾਰਿਆ ਜਾ ਸਕੇ ਅਤੇ ਪਾਕਿਸਤਾਨ ਖ਼ਿਲਾਫ਼ ਸਾਡੀ ਲੜਾਈ ਬਿਨਾਂ ਕਿਸੇ ਗਲਤੀ ਦੇ ਜਾਰੀ ਰਹੇ।'' ਦੱਸਣਯੋਗ ਹੈ ਕਿ ਜੰਮੂ ਕਸ਼ਮੀਰ ਦੇ ਪਹਿਲਗਾਮ 'ਚ 22 ਅਪ੍ਰੈਲ ਨੂੰ ਸੈਲਾਨੀਆਂ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧ ਗਿਆ ਹੈ। ਇਸ ਹਮਲੇ 'ਚ 26 ਲੋਕ ਮਾਰੇ ਗਏ ਸਨ।