ਅੰਮ੍ਰਿਤਸਰ : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਇੱਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ, 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ।
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼-ਅਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰਦੇ ਸਨ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਪੁਲਸ ਵੱਲੋਂ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਵਿਆਪਕ ਨੈੱਟਵਰਕ ਨੂੰ ਤੋੜਨ ਲਈ ਅਗਲੇਰੀ ਜਾਂਚ ਜਾਰੀ ਹੈ।