ਚੰਡੀਗੜ੍ਹ : ਕੈਬ ਡਰਾਈਵਰ ਯੂਨੀਅਨ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਚੰਡੀਗੜ੍ਹ 'ਚ ਅੱਜ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ 'ਚ ਕੈਬ ਡਰਾਈਵਰ ਅਤੇ ਯੂਨੀਅਨ ਦੇ ਅਧਿਕਾਰੀ ਸੈਕਟਰ-18 ਸਥਿਤ ਸਟੇਟ ਟਰਾਂਸਪੋਰਟ ਅਥਾਰਟੀ (ਐੱਸ. ਟੀ. ਏ.) ਦਫ਼ਤਰ ਦੇ ਬਾਹਰ ਪੁੱਜੇ। ਪ੍ਰਦਰਸ਼ਨ ਦੌਰਾਨ ਪੁਲਸ ਨਾਲ ਉਨ੍ਹਾਂ ਦੀ ਝੜਪ ਹੋ ਗਈ, ਜਿਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਕੈਬ ਯੂਨੀਅਨ ਦੇ ਪ੍ਰਧਾਨ ਵਿਕਰਮ ਪੁੰਡੀਰ ਨੂੰ ਹਿਰਾਸਤ 'ਚ ਲੈ ਲਿਆ।
ਜਾਣਕਾਰੀ ਮੁਤਾਬਕ ਕੈਬ ਯੂਨੀਅਨ ਨੇ ਅੱਜ ਦੇ ਦਿਨ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਇਸ ਦੌਰਾਨ ਮੰਗਲਵਾਰ ਸਵੇਰੇ ਯੂਨੀਅਨ ਦੇ ਮੈਂਬਰ ਐੱਸ. ਟੀ. ਏ. ਦਫ਼ਤਰ ਬਾਹਰ ਇਕੱਠੇ ਹੋਏ। ਪ੍ਰਦਰਸ਼ਨ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਨੇ ਮੌਕੇ 'ਤੇ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਅਤੇ ਦਫ਼ਤਰ ਦੇ ਆਲੇ-ਦੁਆਲੇ ਪੁਲਸ ਨੂੰ ਤਾਇਨਾਤ ਕਰ ਦਿੱਤਾ। ਮੌਕੇ 'ਤੇ ਮੌਜੂਦ ਡੀ. ਐੱਸ. ਪੀ. ਅਭਿੰਨਦਨ ਨੇ ਦੱਸਿਆ ਕਿ ਐੱਸ. ਟੀ. ਏ. ਦਫ਼ਤਰ ਬਾਹਰ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਹੈ।
ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਇਹ ਨਿਰਧਾਰਿਤ ਪ੍ਰਦਰਸ਼ਨ ਸਥਾਨ ਨਹੀਂ ਹੈ ਅਤੇ ਜੇਕਰ ਕੋਈ ਇੱਥੇ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਦੇ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਸ ਨੂੰ ਹਿਰਾਸਤ 'ਚ ਲਿਆ ਜਾਵੇਗਾ। ਪੁਲਸ ਨੇ ਕੈਬ ਯੂਨੀਅਨ ਦੇ ਪ੍ਰਧਾਨ ਵਿਕਰਮ ਪੁੰਡੀਰ ਨੂੰ ਹਿਰਾਸਤ 'ਚ ਲੈ ਲਿਆ, ਜਿਸ ਤੋਂ ਬਾਅਦ ਮੌਕੇ 'ਤੇ ਮਾਹੌਲ ਤਣਾਅਪੂਰਨ ਬਣ ਗਿਆ। ਹਾਲਾਂਕਿ ਪੁਲਸ ਨੇ ਸਥਿਤੀ ਨੂੰ ਕੰਟਰੋਲ ਕਰਦੇ ਹੋਏ ਕਾਨੂੰਨ-ਵਿਵਸਥਾ ਬਣਾਈ ਰੱਖੀ।