ਖਰੜ : ਖਰੜ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਖਰੜ ਦੇ ਵਾਰਡ ਨੰਬਰ 27 ਅਧੀਨ ਪੈਂਦੇ ਪਿੰਡ ਬਡਾਲੀ ਵਿੱਚ ਦਿਨ-ਦਿਹਾੜੇ ਇਕ ਪ੍ਰਵਾਸੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਲੋਕਾਂ ਨੇ ਕਾਤਲ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਅਤੇ ਪੁਲਸ ਹਵਾਲੇ ਕਰ ਦਿੱਤਾ। ਇਸ ਘਟਨਾ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਮ੍ਰਿਤਕ ਦੀ ਪਛਾਣ ਸੰਨੀ ਪੁੱਤਰ ਸ਼ੀਸ਼ਪਾਲ ਵਜੋਂ ਹੋਈ ਹੈ, ਜੋ ਨਵਾਂਸ਼ਹਿਰ ਬਡਾਲਾ 'ਚ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ ਅਤੇ ਇਕ ਕਰਿਆਨੇ ਦੀ ਦੁਕਾਨ 'ਤੇ ਕੰਮ ਕਰਦਾ ਸੀ। ਮਿਲੀ ਜਾਣਕਾਰੀ ਅਨੁਸਾਰ ਸੰਨੀ ਮੋਟਰਸਾਈਕਲ 'ਤੇ ਜਾ ਰਿਹਾ ਸੀ, ਜਦੋਂ ਕੁਝ ਵਿਅਕਤੀਆਂ ਨੇ ਉਸ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲਾ ਇੰਨਾ ਭਿਆਨਕ ਸੀ ਕਿ ਸੰਨੀ ਦੀ ਮੌਕੇ ''ਤੇ ਹੀ ਮੌਤ ਹੋ ਗਈ।
ਸੂਚਨਾ ਮਿਲਦੇ ਹੀ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਫੋਰੈਂਸਿਕ ਟੀਮ ਵੱਲੋਂ ਵੀ ਘਟਨਾ ਸਥਾਨ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਪੁਲਸ ਨੇ ਵਾਰਦਾਤ 'ਚ ਵਰਤਿਆ ਗਿਆ ਚਾਕੂ ਵੀ ਬਰਾਮਦ ਕਰ ਲਿਆ ਹੈ। ਮ੍ਰਿਤਕ ਦੇ ਪਿਤਾ ਸ਼ੀਸ਼ਪਾਲ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਦੇ ਹਨ, ਜਦਕਿ ਉਨ੍ਹਾਂ ਦਾ ਪੁੱਤਰ ਕਰਿਆਨੇ ਦੀ ਦੁਕਾਨ 'ਤੇ ਕੰਮ ਕਰਦਾ ਸੀ।
ਉਨ੍ਹਾਂ ਕਿਹਾ ਕਿ ਕਤਲ ਦੇ ਕਾਰਨਾਂ ਬਾਰੇ ਅਜੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਇਸ ਮਾਮਲੇ ਸਬੰਧੀ ਖਰੜ ਸਦਰ ਥਾਣੇ ਦੇ ਐੱਸ. ਐੱਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।