ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਵੱਲੋਂ ਸਿਹਤ ਬਲਾਕ ਸੁੱਜੋਂ ਅਧੀਨ ਆਂਗਣਵਾੜੀ ਕੇਂਦਰ ਮਹੰਤ ਗੁਰਬਚਨ ਦਾਸ ਵਿਖੇ ਮਨਾਏ ਜਾ ਰਹੇ ਮਮਤਾ ਦਿਵਸ ਦਾ ਨਿਰੀਖਣ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਨੇ ਕਿਹਾ ਕਿ ਮਮਤਾ ਦਿਵਸ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦਾ ਮਹੱਤਵਪੂਰਨ ਮੰਚ ਹੈ। ਉਨ੍ਹਾਂ ਕਿਹਾ ਕਿ ਸਾਰੇ ਯੋਗ ਬੱਚਿਆਂ ਦਾ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਸੰਪੂਰਨ ਟੀਕਾਕਰਨ ਯਕੀਨੀ ਬਣਾਇਆ ਜਾਵੇ ਅਤੇ ਗਰਭਵਤੀ ਔਰਤਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਤੇ ਸਿਹਤ ਸਿੱਖਿਆ ਮੁਹੱਈਆ ਕਰਵਾਈ ਜਾਵੇ।
ਨਿਰੀਖਣ ਦੌਰਾਨ ਉਨ੍ਹਾਂ ਵੱਲੋਂ ਟੀਕਾਕਰਨ ਸੇਵਾਵਾਂ, ਲਾਭਪਾਤਰੀਆਂ ਦੇ ਰਿਕਾਰਡ ਅਤੇ ਸਿਹਤ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਸਮੇਂ ਸਿਰ ਟੀਕਾਕਰਨ ਯਕੀਨੀ ਬਣਾਇਆ ਜਾਵੇ।
ਡਾ. ਹਰਪਿੰਦਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦਾ ਉਦੇਸ਼ ਹਰ ਯੋਗ ਲਾਭਪਾਤਰੀ ਤੱਕ ਸਿਹਤ ਸੇਵਾਵਾਂ ਪਹੁੰਚਾਉਣਾ ਅਤੇ ਮਾਂ ਤੇ ਬੱਚੇ ਦੀ ਸਿਹਤ ਦੀ ਬਿਹਤਰ ਸੰਭਾਲ ਯਕੀਨੀ ਬਣਾਉਣਾ ਹੈ।
ਇਸ ਮੌਕੇ ਵੈਕਸੀਨ ਕੋਲਡਚੇਨ ਮੈਨੇਜਰ (ਵੀ.ਸੀ.ਸੀ.ਐੱਮ.) ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।