ਗੁਰਦਾਸਪੁਰ : ਗੁਰਦਾਸਪੁਰ ਪੁਲਸ ਨੇ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ 2 ਕਿਲੋ 184 ਗ੍ਰਾਮ ਹੈਰੋਇਨ, ਇੱਕ .30 ਬੋਰ ਪਿਸਤੌਲ, ਮੈਗਜ਼ੀਨ ਅਤੇ 4 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਪੁਲਸ ਨੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇੱਕ ਹੋਰ ਵਿਅਕਤੀ ਦੀ ਭਾਲ ਜਾਰੀ ਹੈ।
ਪੁਲਸ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ, ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸਐਸਪੀ ਗੁਰਦਾਸਪੁਰ ਆਦਿੱਤਿਆ, ਆਈ.ਪੀ.ਐੱਸ. ਦੀ ਅਗਵਾਈ ਹੇਠ ਸਪੈਸ਼ਲ ਬ੍ਰਾਂਚ ਗੁਰਦਾਸਪੁਰ ਅਤੇ ਥਾਣਾ ਬਹਿਰਾਮਪੁਰ ਦੀ ਪੁਲਸ ਪਾਰਟੀ ਬਾਰਡਰ ਏਰੀਏ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਸ ਨੂੰ ਧੁੱਸੀ ਬੰਨ੍ਹ ਵੱਲੋਂ ਆਉਂਦੇ ਦੋ ਸ਼ੱਕੀ ਨੌਜਵਾਨ ਦਿਖਾਈ ਦਿੱਤੇ। ਪੁਲਸ ਪਾਰਟੀ ਨੂੰ ਦੇਖ ਕੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਸ ਨੇ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ।
ਉਪ ਕਪਤਾਨ ਪੁਲਸ ਦੀਨਾਨਗਰ ਦੀ ਹਾਜ਼ਰੀ ਵਿੱਚ ਕੀਤੀ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 2 ਕਿਲੋ 184 ਗ੍ਰਾਮ ਹੈਰੋਇਨ, .30 ਬੋਰ ਪਿਸਤੌਲ ਮਾਰਕਾ BERTTA ਸਮੇਤ ਮੈਗਜ਼ੀਨ ਅਤੇ 4 ਜ਼ਿੰਦਾ ਰੌਂਦ ਬਰਾਮਦ ਹੋਏ। ਇਸ ਸਬੰਧੀ ਥਾਣਾ ਬਹਿਰਾਮਪੁਰ ਵਿਖੇ ਮੁਕੱਦਮਾ ਨੰਬਰ 126, ਮਿਤੀ 29.08.2026, ਧਾਰਾ 21(C)-61-85 NDPS ਐਕਟ ਅਤੇ 25-54-59 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਸ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਨਿਸ਼ਾਨ ਸਿੰਘ ਉਰਫ਼ ਸੋਨੂੰ ਪੁੱਤਰ ਰਾਜਨ ਸਿੰਘ ਵਾਸੀ ਮਲੂਕ ਚੱਕ, ਦੌਰਾਂਗਲਾ, ਉਮਰ ਕਰੀਬ 20 ਸਾਲ ਵਜੋਂ ਹੋਈ ਹੈ। ਪੁਲਸ ਵੱਲੋਂ ਮੁਲਜ਼ਮ ਦਾ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਦਕਿ ਫਰਾਰ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ।