ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਨਾਲ ਸਬੰਧਿਤ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ (ਐੱਸ.ਆਈ. ਟੀ.) ਅੱਜ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੰਡੀਗੜ੍ਹ ਸੈਕਟਰ-5 ਸਥਿਤ ਦਫ਼ਤਰ ’ਚ ਪਹੁੰਚੀ। ਜਿਥੇ ਲਗਭਗ ਤਿੰਨ ਘੰਟੇ ਮਗਰੋਂ ਰਿਕਾਰਡ ਲੈ ਕੇ ਐੱਸ.ਆਈ. ਟੀ. ਦੀ ਟੀਮ ਬਾਹਰ ਆਈ।
ਐੱਸ.ਆਈ. ਟੀ. ਅਧਿਕਾਰੀਆਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਾਂਚ ਲਈ ਲੋੜੀਂਦਾ ਰਿਕਾਰਡ ਟੀਮ ਨੂੰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਇਸ ਰਿਕਾਰਡ ਦੀ ਵਿਸਥਾਰ ਨਾਲ ਜਾਂਚ ਕੀਤੀ ਜਾਵੇਗੀ। ਜਾਂਚ ਤੋਂ ਬਾਅਦ ਹੀ ਇਹ ਸਪਸ਼ਟ ਹੋ ਸਕੇਗਾ ਕਿ ਕਿੰਨਾ ਅਤੇ ਕਿਹੜਾ ਰਿਕਾਰਡ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਹ ਰਿਕਾਰਡ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਮੌਜੂਦਗੀ ਵਿੱਚ SIT ਨੂੰ ਦਿੱਤਾ ਗਿਆ।
ਅਧਿਕਾਰੀਆਂ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਬਾਕੀ ਰਹਿੰਦਾ ਰਿਕਾਰਡ ਵੀ ਜਲਦ ਮੁਹੱਈਆ ਕਰਵਾ ਦਿੱਤਾ ਜਾਵੇਗਾ। ਐੱਸ.ਆਈ.ਟੀ. ਵੱਲੋਂ ਦੋਹਰਾਇਆ ਗਿਆ ਹੈ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਜਾਂਚ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।