ਚੰਡੀਗੜ੍ਹ : ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 ਐੱਫ. ਆਈ. ਆਰ ਦਰਜ ਕੀਤੀਆਂ ਗੀਆਂ ਹਨ। ਇਸ ਤੋਂ ਇਲਾਵਾ 17 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚਾ ਅਤੇ ਹੋਰ ਜੱਥੇਬੰਦੀਆਂ ਵੱਲੋਂ ਚੰਡੀਗੜ੍ਹ 'ਚ ਕੀਤੇ ਗਏ ਇਕੱਠਾਂ ਅਤੇ ਪ੍ਰਦਰਸ਼ਨਾਂ ਦੌਰਾਨ ਕਾਨੂੰਨ-ਵਿਵਸਥਾ ਪ੍ਰਭਾਵਿਤ ਹੋਣ ਦੇ ਮਾਮਲਿਆਂ 'ਚ ਚੰਡੀਗੜ੍ਹ ਪੁਲਸ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਉਕਤ ਐੱਫ. ਆਈ. ਆਰਜ਼. ਦਰਜ ਕੀਤੀਆਂ ਗਈਆਂ ਹਨ।
ਇਨ੍ਹਾਂ ਮਾਮਲਿਆਂ ਵਿੱਚ ਕੁੱਲ 17 ਵਿਅਕਤੀਆਂ ਦੀ ਗ੍ਰਿਫ਼ਤਾਰੀ ਦਾ ਜ਼ਿਕਰ ਹੈ। ਦੱਸਣਯੋਗ ਹੈ ਕਿ ਕੌਮੀ ਇਨਸਾਫ਼ ਮੋਰਚਾ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ। ਇਸ ਦੇ ਮੱਦੇਨਜ਼ਰ ਬੀਤੇ ਦਿਨ ਕੌਮੀ ਇਨਸਾਫ਼ ਮੋਰਚੇ ਵਲੋਂ ਪੰਜਾਬ ਦੇ ਰਾਜਪਾਲ ਹਾਊਸ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਰਾਹ 'ਚ ਹੀ ਰੋਕ ਲਿਆ ਅਤੇ ਉਨ੍ਹਾਂ ਦੀ ਪੁਲਸ ਨਾਲ ਝੜਪ ਹੋ ਗਈ। ਪੁਲਸ ਨੇ ਭੀੜ 'ਤੇ ਕਾਬੂ ਪਾਉਣ ਲਈ ਲਾਠੀਚਾਰਜ ਵੀ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ ਸੀ।