ਪਟਿਆਲਾ : ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਜਥੇਦਾਰ ਟੇਕ ਸਿੰਘ ਧਨੌਲਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ। ਮੁਲਾਕਾਤ ਤੋਂ ਬਾਅਦ ਆਗੂਆਂ ਨੇ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਚੜ੍ਹਦੀ ਕਲਾ ਵਿਚ ਹਨ। ਉਨ੍ਹਾਂ ਕਿਹਾ ਕਿ 11 ਮੈਂਬਰੀ ਕਮੇਟੀ ਇਕ ਵਾਰ ਫਿਰ ਕੇਂਦਰ ਸਰਕਾਰ ਨਾਲ ਗੱਲਬਾਤ ਕਰੇਗੀ ਅਤੇ ਇਸ ਮਾਮਲੇ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਬਾਪੂ ਗੁਰਚਰਨ ਸਿੰਘ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 2 ਅਕਤੂਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉੱਥੇ ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਨਾਲ ਸਬੰਧਤ ਫ਼ੈਸਲਾ ਕੇਂਦਰ ਸਰਕਾਰ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਤਾਂ ਜੋ ਇਸ ਮਾਮਲੇ ਵਿਚ ਜਲਦ ਫ਼ੈਸਲਾ ਹੋ ਸਕੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਲੰਬੇ ਸਮੇਂ ਤੋਂ ਪੈਂਡਿੰਗ ਹੈ ਅਤੇ ਉਨ੍ਹਾਂ ਮੁਤਾਬਕ ਕੇਂਦਰ ਸਰਕਾਰ ਵੱਲੋਂ ਇਸ ਮਾਮਲੇ ਵਿਚ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਬਲਵੰਤ ਸਿੰਘ ਰਾਜੋਆਣਾ ਦੀ ਅੱਖ ਦਾ ਆਪਰੇਸ਼ਨ ਹੋਇਆ ਹੈ ਅਤੇ ਹੁਣ ਉਨ੍ਹਾਂ ਦਾ ਦੁਬਾਰਾ ਚੈੱਕਅਪ ਕਰਵਾਇਆ ਜਾ ਰਿਹਾ ਹੈ।