ਫ਼ਤਹਿਗਗੜ੍ਹ ਸਾਹਿਬ : ਭਾਰਤੀ ਜਨਤਾ ਪਾਰਟੀ ਵੱਲੋਂ ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਸੇਵਕ ਦੇ ਰੂਪ ਵਿਚ 25 ਸਾਲ ਪੂਰੇ ਹੋਣ ਦੇ ਵਿਸ਼ੇਸ਼ ਮੌਕੇ 'ਤੇ 'ਸੇਵਾ ਜੋਤੀ ਯਾਤਰਾ' ਦਾ ਵਿਸ਼ੇਸ਼ ਸਰਹਿੰਦ ਵਿਖੇ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿਚ ਵਿਸ਼ੇਸ਼ ਤੌਰ ਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਵਿਸ਼ੇਸ਼ ਤੌਰ ਤੇ ਪਹੁੰਚੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਵਜੋਂ ਜਨ ਸੇਵਾ ਦੇ 25 ਸਾਲ ਪੂਰੇ ਕਰਨ ਦੇ ਮੌਕੇ ’ਤੇ ਦੇਸ਼ ਭਰ ਵਿੱਚ ‘ਵਿਕਸਿਤ ਭਾਰਤ’ ਦੇ ਸੰਕਲਪ ਨੂੰ ਲੈ ਕੇ ਸਮਾਗਮ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ 2047 ਤੱਕ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਲਈ 140 ਕਰੋੜ ਦੇਸ਼ ਵਾਸੀਆਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਹੋਵੇਗਾ।
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਬਾਰੇ ਪੁੱਛੇ ਸਵਾਲ ’ਤੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਆਪਣੀ ਰਣਨੀਤੀ ਪਹਿਲਾਂ ਤੋਂ ਜਨਤਕ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਜਦੋਂ ਭਾਜਪਾ ਦਾ ਸੰਕਲਪ ਪੱਤਰ ਆਵੇਗਾ ਤਾਂ ਉਸ ਵਿੱਚ ਨੌਜਵਾਨਾਂ, ਮਹਿਲਾਵਾਂ, ਕਿਸਾਨਾਂ, ਵਪਾਰੀਆਂ, ਉਦਯੋਗ ਅਤੇ ਸਮਾਜ ਦੇ ਹਰ ਵਰਗ ਲਈ ਪਾਰਟੀ ਦਾ ਰੋਡਮੈਪ ਅਤੇ ਬਲੂਪ੍ਰਿੰਟ ਸਪੱਸ਼ਟ ਤੌਰ ’ਤੇ ਸਾਹਮਣੇ ਆਵੇਗਾ।
ਈਡੀ ਅਤੇ ਸੀਬੀਆਈ ਦੀ ਕਾਰਵਾਈ ’ਤੇ ‘ਆਪ’ ਦੇ ਇਤਰਾਜ਼ਾਂ ਬਾਰੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੇਕਰ ਸਰਕਾਰ ਆਪਣੇ ਆਪ ਨੂੰ ਇਮਾਨਦਾਰ ਮੰਨਦੀ ਹੈ ਤਾਂ ਫਿਰ ਜਾਂਚ ਏਜੰਸੀਆਂ ਦੀ ਕਾਰਵਾਈ ਤੋਂ ਘਬਰਾਹਟ ਕਿਉਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਰਕਾਨੂੰਨੀ ਮਾਈਨਿੰਗ ਅਤੇ ਨਸ਼ਿਆਂ ਦਾ ਕਾਰੋਬਾਰ ਲਗਾਤਾਰ ਚੱਲਦਾ ਰਿਹਾ ਹੈ ਅਤੇ ਇਸ ਤੋਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਹੁੰਦੇ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਈਡੀ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਪੰਜਾਬ ਸਰਕਾਰ ਨੂੰ ਚਾਰ ਵਾਰ ਰਿਮਾਈਂਡਰ ਭੇਜੇ ਗਏ ਸਨ ਕਿ ਰਾਜਬੀਰ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਕਾਰਵਾਈ ਕਰਕੇ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪਾਈ ਗਈ ਪੀਆਈਐਲ ਤੋਂ ਬਾਅਦ ਮਾਣਯੋਗ ਹਾਈ ਕੋਰਟ ਵੱਲੋਂ ਸੀਬੀਆਈ ਜਾਂਚ ਦੀ ਗੱਲ ਕੀਤੀ ਗਈ ਹੈ।
ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਜੇਕਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਮੁੱਖ ਮੰਤਰੀ ਦਫ਼ਤਰ ਤੱਕ ਜਾਂਚ ਦੀਆਂ ਗੱਲਾਂ ਪਹੁੰਚ ਰਹੀਆਂ ਹਨ ਤਾਂ ਸਰਕਾਰ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ’ਤੇ ਵੀ ਭ੍ਰਿਸ਼ਟਾਚਾਰ ਦੇ ਦੋਸ਼ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੂੰ ਹਾਈ ਕੋਰਟ ਅਤੇ ਦੇਸ਼ ਦੇ ਸੰਵਿਧਾਨ ’ਤੇ ਵਿਸ਼ਵਾਸ ਹੈ ਤਾਂ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ। ਅਸ਼ਵਨੀ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਨਾ ਮੈਂ ਖਾਵਾਂਗਾ, ਨਾ ਖਾਣ ਦਵਾਂਗਾ’ ਵਾਲੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿਨ੍ਹਾਂ ਨੇ ਭ੍ਰਿਸ਼ਟਾਚਾਰ ਕੀਤਾ ਹੈ, ਉਨ੍ਹਾਂ ਨੂੰ ਜਾਂਚ ਦਾ ਸਾਹਮਣਾ ਕਰਨਾ ਹੀ ਪਵੇਗਾ।