ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ‘ਦਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਸਬੰਧੀ ਆਪਣੇ ਇਤਰਾਜ਼ ਅਤੇ ਲੋੜੀਂਦੀਆਂ ਸੋਧਾਂ ਦੇ ਅਹਿਮ ਨੁਕਤੇ ਅਧਿਕਾਰਤ ਤੌਰ ’ਤੇ ਪੰਜਾਬ ਸਰਕਾਰ ਨੂੰ ਭੇਜ ਦਿੱਤੇ ਗਏ ਹਨ। ਇਹ ਫੈਸਲਾ 29 ਜੂਨ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਦੀ ਭਾਵਨਾ ਅਨੁਸਾਰ ਲਿਆ ਗਿਆ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੇ ਦੱਸਿਆ ਕਿ ਸੋਧਾਂ ਸਬੰਧੀ ਅਧਿਕਾਰਤ ਪੱਤਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ ਉਨ੍ਹਾਂ ਦੇ ਅਧਿਕਾਰਤ ਈ-ਮੇਲ ਪਤਿਆਂ ’ਤੇ ਭੇਜ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਇਹ ਪੱਤਰ ਰਜਿਸਟਰਡ ਡਾਕ ਰਾਹੀਂ ਵੀ ਭੇਜੇ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮਤ ਹੈ ਕਿ ਇਹ ਕਾਨੂੰਨ ਗੁਰੂ ਖ਼ਾਲਸਾ ਪੰਥ ਦੀ ਰਾਏ ਅਤੇ ਸਹਿਮਤੀ ਤੋਂ ਬਿਨਾਂ ਪਾਸ ਕੀਤਾ ਗਿਆ ਸੀ, ਜਿਸ ਕਾਰਨ ਇਸ ਵਿੱਚ ਲੋੜੀਂਦੀਆਂ ਸੋਧਾਂ ਕਰਨਾ ਜ਼ਰੂਰੀ ਹੈ।