ਪੱਛਮੀ ਏਸ਼ੀਆ ਵਿੱਚ ਚੱਲ ਰਹੇ ਤਣਾਅਪੂਰਨ ਹਾਲਾਤਾਂ ਵਿਚਾਲੇ ਭਾਰਤ ਸਰਕਾਰ ਨੇ ਇਰਾਨ ਵਿੱਚ ਫਸੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਵਿੱਚ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਨੇ ਅੱਜ ਅਰਮੀਨੀਆ ਸਰਕਾਰ ਅਤੇ ਉੱਥੋਂ ਦੇ ਲੋਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ, ਜਿਨ੍ਹਾਂ ਨੇ 550 ਤੋਂ ਵੱਧ ਭਾਰਤੀਆਂ ਨੂੰ ਸੁਰੱਖਿਅਤ ਨਿਕਾਸੀ ਵਿੱਚ ਅਹਿਮ ਸਹਿਯੋਗ ਦਿੱਤਾ ਹੈ।
ਵਿਦੇਸ਼ ਮੰਤਰੀ ਨੇ 'ਐਕਸ' 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ, "ਇਰਾਨ ਤੋਂ 550 ਤੋਂ ਵੱਧ ਭਾਰਤੀਆਂ ਨੂੰ ਸੁਰੱਖਿਅਤ ਕੱਢਣ ਵਿੱਚ ਮਦਦ ਕਰਨ ਲਈ ਅਰਮੀਨੀਆ ਸਰਕਾਰ ਅਤੇ ਲੋਕਾਂ ਦਾ ਧੰਨਵਾਦ। ਇਸ ਔਖੀ ਘੜੀ ਵਿੱਚ ਉਨ੍ਹਾਂ ਦਾ ਸਹਿਯੋਗ ਕਾਬਿਲ ਏ ਤਾਰੀਫ਼ ਹੈ।"
ਅੱਗੇ ਜਾਣਕਾਰੀ ਦਿੰਦੇ ਹੋਏ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ ਇਰਾਨ ਵਿੱਚ ਲਗਭਗ 9,000 ਭਾਰਤੀ ਨਾਗਰਿਕ ਹਨ। ਸਰਕਾਰ ਉਨ੍ਹਾਂ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦੌਰਾਨ ਤਹਿਰਾਨ ਵਿੱਚ ਫਸੇ ਕਈ ਵਿਦਿਆਰਥੀਆਂ ਅਤੇ ਸ਼ਰਧਾਲੂਆਂ ਨੂੰ ਸੁਰੱਖਿਅਤ ਸ਼ਹਿਰਾਂ ਵਿੱਚ ਭੇਜਿਆ ਗਿਆ ਹੈ, ਜਦਕਿ ਅਰਮੀਨੀਆ ਅਤੇ ਅਜ਼ਰਬਾਈਜਾਨ ਸਰਹੱਦਾਂ ਰਾਹੀਂ ਭਾਰਤੀਆਂ ਨੂੰ ਨਿਕਲਣ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ, ਜਿੱਥੋਂ ਉਹ ਕਮਰਸ਼ੀਅਲ ਫਲਾਈਟਾਂ ਰਾਹੀਂ ਭਾਰਤ ਪਰਤ ਰਹੇ ਹਨ।