ਬੰਗਾ/ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਦੀ ਮੌਜੂਦਗੀ ਵਿੱਚ ਜ਼ਿਲ੍ਹੇ ਦੀ ਬੰਗਾ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਸਰਕਾਰੀ ਖਰੀਦ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਖਰੀਦ ਪ੍ਰਕਿਰਿਆ ਨਾਲ ਜੁੜੇ ਹੋਰ ਧਿਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਪਿੰਡ ਕਾਵਾਂ ਦੇ ਕਿਸਾਨ ਜਰਨੈਲ ਸਿੰਘ ਦੀ ਫਸਲ ਦੀ ਖਰੀਦ ਵੀ ਕਰਵਾਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਜਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਮੰਡੀਆਂ ਵਿੱਚ ਖਰੀਦ ਲਈ ਲੋੜੀਂਦੇ ਸਾਰੇ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਗਏ ਹਨ, ਤਾਂ ਜੋ ਕਿਸਾਨਾਂ, ਆੜ੍ਹਤੀਆਂ ਅਤੇ ਮਿਲਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਕਣਕ ਅਤੇ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਈ ਰੱਖਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਸਾਲ ਪੰਜਾਬ ਨੂੰ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਵਾਰ ਝੋਨੇ ਦੀ ਬੰਪਰ ਫਸਲ ਹੋਈ ਹੈ ਅਤੇ ਫਸਲ ਦੀ ਗੁਣਵੱਤਾ ਵੀ ਵਧੀਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸਾਨਾਂ ਦੀ ਫਸਲ ਦੀ ਸਮੇਂ ਸਿਰ ਖਰੀਦ ਦੇ ਨਾਲ-ਨਾਲ ਖਰੀਦੀ ਗਈ ਫਸਲ ਦੀ ਅਦਾਇਗੀ ਵੀ 24 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਯਕੀਨੀ ਬਣਾਈ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਝੋਨੇ ਦੀ ਖਰੀਦ ਲਈ ਲੋੜੀਂਦੀ ਬਾਰਦਾਨਾ, ਕੈਸ਼ ਕਰੈਡਿਟ ਲਿਮਿਟ (ਸੀ.ਸੀ.ਐਲ.) ਸਮੇਤ ਸਾਰੇ ਜ਼ਰੂਰੀ ਪ੍ਰਬੰਧ ਸਰਕਾਰ ਵੱਲੋਂ ਕੀਤੇ ਗਏ ਹਨ। ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ, ਤਾਂ ਜੋ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ ਅਤੇ ਖਰੀਦੀ ਗਈ ਫਸਲ ਦੀ ਸਮੇਂ ਸਿਰ ਲਿਫਟਿੰਗ ਵੀ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 3 ਲੱਖ 83 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਦਕਿ ਇਸ ਵਿੱਚੋਂ 3 ਲੱਖ 44 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਹੁਣ ਤੱਕ 188 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸ੍ਰੀ ਕਟਾਰੂਚੱਕ ਨੇ ਕਿਹਾ ਕਿ ‘ਮੁਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’, ਮੁਫ਼ਤ ਬਿਜਲੀ ਯੋਜਨਾ ਅਤੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸਮੇਤ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਪਹਿਲਕਦਮੀਆਂ ਦਾ ਲੋਕਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਨਾਲ ਵੀ ਲੋਕਾਂ ਦਾ ਸਰਕਾਰ ਪ੍ਰਤੀ ਭਰੋਸਾ ਮਜ਼ਬੂਤ ਹੋਇਆ ਹੈ।
ਉਨ੍ਹਾਂ ਕਿਹਾ ਕਿ ‘ਮਾਨ ਦਾ ਮੁਨਾਫਾ ਮੁਹਿੰਮ’ ਤਹਿਤ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਲੋਕਾਂ ਦੇ ਘਰ-ਘਰ ਜਾ ਕੇ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਯੋਜਨਾਵਾਂ ਰਾਹੀਂ ਆਮ ਪਰਿਵਾਰਾਂ ਨੂੰ ਕਿਸ ਤਰ੍ਹਾਂ ਸਿੱਧਾ ਆਰਥਿਕ ਅਤੇ ਸਮਾਜਿਕ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਰਾਹੀਂ ਹਰੇਕ ਪਰਿਵਾਰ ਨੂੰ ਔਸਤਨ ਕਰੀਬ 1 ਲੱਖ 82 ਹਜ਼ਾਰ ਰੁਪਏ ਦਾ ਲਾਭ ਪਹੁੰਚਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵਿਕਾਸ ਯੋਜਨਾਵਾਂ ਅਤੇ ਲੋਕ ਪੱਖੀ ਪਹਿਲਕਦਮੀਆਂ ਸਦਕਾ ਲੋਕਾਂ ਦਾ ਸਰਕਾਰ ਪ੍ਰਤੀ ਭਰੋਸਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਮੁੜ ਸਰਕਾਰ ਬਣਨਾ ਲਗਭਗ ਤੈਅ ਹੈ।
ਇਸ ਮੌਕੇ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਵੀ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਿਲਰਾਂ ਨੂੰ ਭਰੋਸਾ ਦਿਵਾਇਆ ਕਿ ਮੰਡੀ ਵਿੱਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਕਮੀ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀ ਵਿੱਚ ਪੀਣ ਵਾਲੇ ਪਾਣੀ, ਵਾਸ਼ਰੂਮ ਅਤੇ ਹੋਰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਦੀ ਫਸਲ ਦੀ ਖਰੀਦ ਉਪਰੰਤ ਉਨ੍ਹਾਂ ਦੇ ਖਾਤਿਆਂ ਵਿੱਚ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾਵੇ ਅਤੇ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਨਿਰਧਾਰਤ ਸਮੇਂ ਅਨੁਸਾਰ ਮੁਕੰਮਲ ਕੀਤਾ ਜਾਵੇ। ਵਿਧਾਇਕ ਡਾ. ਸੁੱਖੀ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਅਤੇ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਈ ਰੱਖਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਇਸ ਮੌਕੇ ਮਾਰਕੀਟ ਕਮੇਟੀ ਬੰਗਾ ਦੇ ਚੇਅਰਮੈਨ ਬਲਵੀਰ ਕਤਨਾਵਾ, ਪਵਨਜੀਤ ਸਿੰਘ ਸਿੱਧੂ, ਸੋਹਣ ਲਾਲ, ਇੰਦਰਜੀਤ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਰੁਪਿੰਦਰ ਮਿਨਹਾਸ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸੰਯੋਗਿਤਾ, ਡੀ.ਐੱਮ. ਮਾਰਕਫੈੱਡ ਜਸਬੀਰ ਸਿੰਘ ਰਕੜਾ, ਸਕੱਤਰ ਮਾਰਕੀਟ ਕਮੇਟੀ ਬੰਗਾ ਸੰਜੀਵ ਕੁਮਾਰ, ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਗੁਰਚਰਨ ਸਿੰਘ, ਸੰਜੀਵ ਜੈਨ, ਕਮਲ ਚੋਪੜਾ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।