ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਦੀ ਅਗਵਾਈ ਹੇਠ ਪਿੰਡ ਸਹਿਬਾਜਪੁਰ ਵਿਖੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੇ ਸਾਂਝੇ ਯਤਨਾਂ ਨਾਲ ਚਲਾਈ ਜਾ ਰਹੀ 100 ਦਿਨਾ ਟੀਬੀ ਮੁਕਤ ਭਾਰਤ ਮੁਹਿੰਮ ਤਹਿਤ ਟੀਬੀ ਦੀ ਸਮੇਂ ਸਿਰ ਪਛਾਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਸਕ੍ਰੀਨਿੰਗ ਕੈਂਪ ਲਗਾਇਆ ਗਿਆ।
ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਹੈਂਡਹੇਲਡ ਪੋਰਟੇਬਲ ਐਕਸ-ਰੇ ਮਸ਼ੀਨ ਰਾਹੀਂ ਲੋਕਾਂ ਦੇ ਛਾਤੀ ਦੇ ਐਕਸ-ਰੇ ਮੁਫ਼ਤ ਕੀਤੇ ਗਏ। ਸਕ੍ਰੀਨਿੰਗ ਦੌਰਾਨ ਟੀਬੀ ਦੇ ਸ਼ੱਕੀ ਮਰੀਜ਼ਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਲੋੜ ਅਨੁਸਾਰ ਅਗਲੇਰੀ ਜਾਂਚ ਅਤੇ ਇਲਾਜ ਲਈ ਰੈਫਰ ਕੀਤਾ ਗਿਆ, ਤਾਂ ਜੋ ਬਿਮਾਰੀ ਦਾ ਸਮੇਂ ਸਿਰ ਇਲਾਜ ਸ਼ੁਰੂ ਕਰਕੇ ਇਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਦੋ ਹਫ਼ਤਿਆਂ ਤੋਂ ਵੱਧ ਸਮੇਂ ਤੱਕ ਖੰਘ, ਬੁਖ਼ਾਰ, ਭਾਰ ਘਟਣਾ ਜਾਂ ਰਾਤ ਨੂੰ ਪਸੀਨਾ ਆਉਣ ਵਰਗੇ ਲੱਛਣ ਹੋਣ ਤਾਂ ਉਹ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਆਪਣੀ ਜਾਂਚ ਕਰਵਾਏ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੀਬੀ ਦੀ ਜਾਂਚ ਅਤੇ ਇਲਾਜ ਦੀਆਂ ਸਾਰੀਆਂ ਸੇਵਾਵਾਂ ਪੂਰੀ ਤਰ੍ਹਾਂ ਮੁਫ਼ਤ ਉਪਲੱਬਧ ਹਨ।
ਇਸ ਮੌਕੇ ਡਾ. ਰਣਜੀਤ ਹਰੀਸ਼ (ਮੈਡੀਕਲ ਅਫ਼ਸਰ), ਸ਼੍ਰੀਮਤੀ ਸੁਨੀਤਾ ਰਾਣੀ (ਏ.ਐਨ.ਐਮ.), ਸ਼੍ਰੀਮਤੀ ਸਰਬਜੀਤ ਕੌਰ (ਏ.ਐਫ.) ਅਤੇ ਪਿੰਡ ਵਾਸੀ ਹਾਜ਼ਰ ਸਨ।