ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਫ਼ਰਵਰੀ 2020 ਵਿਚ ਉੱਤਰ-ਪੂਰਬੀ ਦਿੱਲੀ ਵਿਚ ਹੋਏ ਦੰਗਿਆਂ ਪਿੱਛੇ ਕਥਿਤ ‘ਵਿਆਪਕ ਸਾਜ਼ਿਸ਼’ ਨਾਲ ਜੁੜੇ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ. ਏ. ਪੀ. ਏ.) ਤਹਿਤ ਦਰਜ ਮਾਮਲੇ ਵਿਚ ਕਾਰਕੁੰਨ ਸ਼ਰਜੀਲ ਇਮਾਮ ਅਤੇ ਉਮਰ ਖ਼ਾਲਿਦ ਨੂੰ ਬੁੱਧਵਾਰ ਨੂੰ ਫ਼ਿਲਹਾਲ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਇਮਾਮ ਅਤੇ ਖ਼ਾਲਿਦ ਨੇ ਦਿੱਲੀ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿਚ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕੀਤਾ ਗਿਆ ਸੀ।
ਚੀਫ਼ ਜਸਟਿਸ ਸੂਰਯਕਾਂਤ, ਜਸਟਿਸ ਜੋਏਮਾਲਿਆ ਬਾਗਚੀ ਅਤੇ ਜਸਟਿਸ ਵੀ ਮੋਹਨਾ ਦੀ ਬੈਂਚ ਨੇ ਦਿੱਲੀ ਪੁਲਸ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ। ਸੁਣਵਾਈ ਦੌਰਾਨ ਖ਼ਾਲਿਦ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਇਸ ਦੌਰਾਨ ਅੰਤਰਿਮ ਜ਼ਮਾਨਤ ਦੇਣ ਦੀ ਅਪੀਲ ਕੀਤੀ। ਦੂਜੇ ਪਾਸੇ, ਇਮਾਮ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਦਵੇ ਨੇ ਵੀ ਲੰਬੇ ਸਮੇਂ ਤੋਂ ਜੇਲ੍ਹ ਵਿਚ ਬੰਦ ਹੋਣ ਦਾ ਹਵਾਲਾ ਦਿੰਦਿਆਂ ਇਸੇ ਤਰ੍ਹਾਂ ਦੀ ਰਾਹਤ ਦੇਣ ਦੀ ਅਪੀਲ ਕੀਤੀ। ਹਾਲਾਂਕਿ, ਬੈਂਚ ਨੇ ਕਿਹਾ, ‘ਅੱਜ ਨਹੀਂ।’ ਬੈਂਚ ਨੇ ਕਿਹਾ ਕਿ ਅੰਤਰਿਮ ਜ਼ਮਾਨਤ ਦੀ ਬੇਨਤੀ ’ਤੇ ਵਿਚਾਰ ਕਰਨ ਤੋਂ ਪਹਿਲਾਂ ਉਹ ਪੁਲਸ ਦਾ ਪੱਖ ਸੁਣੇਗੀ।