ਧੂਰੀ : ਧੂਰੀ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਲੰਟੀਅਰਾਂ ਵੱਲੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਇਲਾਕਾ ਨਿਵਾਸੀਆਂ ਨੇ ਭਾਗ ਲਿਆ ਅਤੇ ਨਾਅਰੇਬਾਜ਼ੀ ਕਰਦਿਆਂ ਆਪਣਾ ਤੀਖਾ ਰੋਸ ਪ੍ਰਗਟਾਇਆ।
ਪ੍ਰਦਰਸ਼ਨ ਦੌਰਾਨ ਆਗੂਆਂ ਨੇ ਕਿਹਾ ਕਿ ਕੁਝ ਰਾਜ ਸਭਾ ਮੈਂਬਰਾਂ ਵੱਲੋਂ ਪੰਜਾਬ ਦੇ ਹੱਕਾਂ ਅਤੇ ਹਿਤਾਂ ਦੇ ਖਿਲਾਫ ਖੜ੍ਹ ਕੇ ਸੂਬੇ ਨਾਲ ਧੋਖਾ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਵਿੱਚ ਗੁੱਸਾ ਹੈ।
ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੱਤ ਰਾਜ ਸਭਾ ਮੈਂਬਰਾਂ ਵੱਲੋਂ ਪੰਜਾਬ ਦੇ ਹਿੱਤਾਂ ਨਾਲ ਗੱਦਾਰੀ ਕੀਤੀ ਗਈ ਹੈ, ਜਿਸਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਨਾਲ ਧੋਖਾ ਕਰਨ ਵਾਲਿਆਂ ਨੂੰ ਕਦੇ ਮਾਫ ਨਹੀਂ ਕਰਨਗੇ ਅਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਲੋਕਤੰਤਰਿਕ ਢੰਗ ਨਾਲ ਸਬਕ ਸਿਖਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਨਾਲ ਸਮਝੌਤਾ ਕਰਨ ਵਾਲਿਆਂ ਨੂੰ ਜਨਤਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਸਭ ਤੋਂ ਵੱਡੀ ਤਾਕਤ ਹੁੰਦੀ ਹੈ ਅਤੇ ਸਮੇਂ ਆਉਣ ‘ਤੇ ਲੋਕ ਅਜਿਹੇ ਨੇਤਾਵਾਂ ਨੂੰ ਆਪਣਾ ਫੈਸਲਾ ਸੁਣਾਉਣਗੇ।
ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ ਨੇ ਕਿਹਾ ਕਿ ਇਹ ਪ੍ਰਦਰਸ਼ਨ ਲੋਕਾਂ ਦੀਆਂ ਭਾਵਨਾਵਾਂ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਪਣੀ ਮਿੱਟੀ ਅਤੇ ਹੱਕਾਂ ਨਾਲ ਜੁੜੇ ਹੋਏ ਹਨ ਅਤੇ ਜੋ ਵੀ ਉਨ੍ਹਾਂ ਦੇ ਹੱਕਾਂ ‘ਤੇ ਡਾਕਾ ਮਾਰੇਗਾ, ਉਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
ਆਗੂਆਂ ਨੇ ਇਕਸੁਰ ਵਿੱਚ ਕਿਹਾ ਕਿ ਪੰਜਾਬ ਦੇ ਹਿੱਤ ਸਭ ਤੋਂ ਉੱਪਰ ਹਨ ਅਤੇ ਕਿਸੇ ਵੀ ਹਾਲਤ ਵਿੱਚ ਇਨ੍ਹਾਂ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਦਰਸ਼ਨ ਅੱਗੇ ਵੀ ਜਾਰੀ ਰਹਿਣਗੇ ਜਦੋਂ ਤੱਕ ਪੰਜਾਬ ਦੇ ਹੱਕਾਂ ਦੀ ਪੂਰੀ ਰੱਖਿਆ ਨਹੀਂ ਹੁੰਦੀ।
ਪ੍ਰਦਰਸ਼ਨ ਦੌਰਾਨ ਆਗੂਆਂ ਅਤੇ ਵਰਕਰਾਂ ਵੱਲੋਂ ਪੁਤਲਾ ਫੂਕ ਕੇ ਆਪਣਾ ਰੋਸ ਪ੍ਰਗਟਾਇਆ ਗਿਆ ਅਤੇ ਪੰਜਾਬ ਦੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ ਗਿਆ।
ਇਸ ਮੌਕੇ ਪੁਸ਼ਪਿੰਦਰ ਸ਼ਰਮਾ, ਨਰੇਸ਼ ਸਿੰਗਲਾ, ਦਰਸ਼ਨ ਸਿੰਘ ਪਾਠਕ, ਵੀਰਭਾਨ, ਸੁਖਪਾਲ ਸਿੰਘ ਪਾਲਾ, ਬਲਦੇਵ ਖਾਲਸਾ, ਅਜੈਬ ਸਿੰਘ ਹੈਪੀ, ਹਰਪ੍ਰੀਤ ਗਿੱਲ, ਤਰਸੇਮ ਕਲਸੀ, ਨੰਬਰਦਾਰ ਪੇਧਨੀ ਸਮੇਤ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਲੰਟੀਅਰ ਮੌਜੂਦ ਸਨ।