ਨਵੀਂ ਦਿੱਲੀ : ਮਹਾਰਾਸ਼ਟਰ ਦੇ ਰਾਜਪਾਲ ਸੀ ਪੀ ਰਾਧਾਕ੍ਰਿਸ਼ਨਨ ਨੇ ਦੇਸ਼ ਦੇ ਅਗਲੇ ਉਪ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਵੀਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਉਹਨਾਂ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਨੂੰ ਮਹਾਰਾਸ਼ਟਰ ਦੇ ਰਾਜਪਾਲ ਦਾ ਵਾਧੂ ਚਾਰਜ ਦਿੱਤਾ ਹੈ।
ਦੱਸ ਦੇਈਏ ਕਿ ਮੰਗਲਵਾਰ ਨੂੰ ਹੋਈ ਉਪ ਰਾਸ਼ਟਰਪਤੀ ਚੋਣ ਵਿੱਚ ਐਨਡੀਏ ਉਮੀਦਵਾਰ ਰਾਧਾਕ੍ਰਿਸ਼ਨਨ (67) ਨੇ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਬੀ ਸੁਦਰਸ਼ਨ ਰੈਡੀ ਨੂੰ 152 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ਰਾਸ਼ਟਰਪਤੀ ਭਵਨ ਨੇ ਕਿਹਾ ਕਿ ਦੇਸ਼ ਦੇ ਉਪ ਰਾਸ਼ਟਰਪਤੀ ਵਜੋਂ ਚੁਣੇ ਜਾਣ ਦੇ ਨਤੀਜੇ ਵਜੋਂ ਰਾਧਾਕ੍ਰਿਸ਼ਨਨ ਨੇ ਮਹਾਰਾਸ਼ਟਰ ਦੇ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ ਨੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਨੂੰ ਮਹਾਰਾਸ਼ਟਰ ਦਾ ਰਾਜਪਾਲ ਨਿਯੁਕਤ ਕੀਤਾ ਹੈ, ਜੋ ਆਪਣੇ ਪਹਿਲਾਂ ਦੇ ਫਰਜ਼ਾਂ ਤੋਂ ਇਲਾਵਾ ਮਹਾਰਾਸ਼ਟਰ ਦੇ ਰਾਜਪਾਲ ਦਾ ਵੀ ਚਾਰਜ ਸੰਭਾਲਣਗੇ।