ਸ਼ਹੀਦ ਭਗਤ ਸਿੰਘ ਨਗਰ (ਮਨੋਰੰਜਨ ਕਾਲੀਆ) : ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਦ੍ਰਿੜ ਵਚਨਬੱਧਤਾ ਦੁਹਰਾਈ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੈਂਬਰ ਪਾਰਲੀਮੈਂਟ ਨੇ ਸੀਨੀਅਰ ਪੁਲਿਸ ਅਤੇ ਸਿਵਲ ਅਧਿਕਾਰੀਆਂ, ਸਥਾਨਕ ਪ੍ਰਸ਼ਾਸਨਿਕ ਨੁਮਾਇੰਦਿਆਂ ਅਤੇ ‘ਆਪ’ ਆਗੂਆਂ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਨਾਮੁਰਾਦ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ, ਐਸ.ਐਸ.ਪੀ ਤੁਸ਼ਾਰ ਗੁਪਤਾ, ਨਸ਼ਾ ਮੁਕਤੀ ਮੋਰਚਾ ਦੇ ਸਟੇਟ ਕੋਆਡੀਨੇਟਰ ਅਸ਼ਿਤ ਕੁਮਾਰ, ਦੁਆਬਾ ਕੋਆਡੀਨੇਟਰ ਅਤਿਨ ਅਗਨੀਹੋਤਰੀ, ਜ਼ਿਲ੍ਹਾ ਕੋਆਡੀਨੇਟਰ ਦਿਨੇਸ਼ ਸੂਰੀ, ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ, ਸਤਨਾਮ ਸਿੰਘ ਜਲਵਾਹਾ ਚੇਅਰਮੈਨ ਨਗਰ ਸੁਧਾਰ ਟਰੱਸਟ ਦੇ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਤਹੱਈਆ ਕੀਤਾ ਹੋਇਆ ਹੈ, ਜਿਸ ਤਹਿਤ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਜੇਲਾਂ ਦੀਆਂ ਸਲਾਖਾਂ ਪਿੱਛੇ ਭੇਜਣ ਤੋਂ ਇਲਾਵਾ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜ ਕੇ ਉਨ੍ਹਾਂ ਦੇ ਮੁੜ ਵਸੇਬੇ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ।
ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਡਿਫੈਂਸ ਕਮੇਟੀਆਂ ਵੱਲੋਂ ਸ਼ਨਾਖਤ ਕੀਤੇ ਗਏ ਡਰੱਗ ਹੋਟਸਪੋਟ ’ਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇ ਤਾਂ ਜੋ ਇਨ੍ਹਾਂ ਇਲਾਕਿਆਂ ਵਿੱਚ ਨਸ਼ੇ ਨੂੰ ਠਲ੍ਹ ਪਾਈ ਜਾ ਸਕੇ।
ਐਮ.ਪੀ. ਨੇ ਨਸ਼ਾ ਮੁਕਤੀ ਮੋਰਚਾ ਵੱਲੋਂ ਨਸ਼ਿਆਂ ਖਿਲਾਫ਼ ਲੜਾਈ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਹੋਰ ਡਟ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਵੱਲੋਂ ਜਿਥੇ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ ਉਥੇ ਸ਼ੱਕੀ ਵਿਅਕਤੀਆਂ ਦੀ ਪਛਾਣ, ਇਲਾਕਿਆਂ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਪੁਲਿਸ ਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਵਿੱਚ ਵੀ ਮਹੱਤਵਪੂਰਣ ਭੂਮਿਕਾ ਨਿਭਾਈ ਜਾ ਰਹੀ ਹੈ।
ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿਵਲ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਨਾਲ ਬਿਹਤਰ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਪੱਧਰ ‘ਤੇ ਡੀ.ਐਸ.ਪੀਜ਼, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰਾਂ ਅਤੇ ਲੋਕ ਨੁਮਾਇੰਦਿਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣ ਅਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਤਾਲਮੇਲ ਵਾਲੇ ਯਤਨਾਂ ‘ਤੇ ਜ਼ੋਰ ਦਿੱਤਾ।
ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਾ ਛੁਡਾਊ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਹੈ ਤਾਂ ਜੋ ਨਸ਼ੇ ਦੀ ਗ੍ਰਿਫ਼ਤ ਵਿੱਚ ਆਏ ਹਰ ਵਿਅਕਤੀ ਦਾ ਵਧੀਆ ਇਲਾਜ ਅਤੇ ਮੁੜ ਵਸੇਬਾ ਯਕੀਨੀ ਬਣਾਇਆ ਜਾ ਸਕੇ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਮੀਟਿੰਗ ਵਿੱਚ ਮੌਜੂਦ ਸਥਾਨਕ ਆਗੂਆਂ ਅਤੇ ਪਾਰਟੀ ਨੁਮਾਇੰਦਿਆਂ ਨੇ ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਦੀ ਭਾਗੀਦਾਰੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਾਰੇ ਵਰਗਾਂ ਨੂੰ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਭਾਈਵਾਲ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਮੂਹਿਕ ਯਤਨਾਂ ਨਾਲ ਹੀ ਨਸ਼ਾ ਮੁਕਤ ਰੰਗਲਾ ਪੰਜਾਬ ਦਾ ਸੁਪਨਾ ਪੂਰਾ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 1 ਮਾਰਚ 2025 ਤੋਂ 31 ਅਗਸਤ 2026 ਤੱਕ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਸਾਂਝੀ ਕਰਦਿਆਂ ਐਸ.ਐਸ.ਪੀ. ਤੁਸ਼ਾਰ ਗੁਪਤਾ ਨੇ ਦੱਸਿਆ ਕਿ 888 ਮੁਕਦਮੇ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 993 ਦੋਸ਼ੀਆਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਡਰੱਗ ਮਾਫ਼ੀਆ ਦੇ ਵਿੱਤੀ ਨੈਟਵਰਕ ’ਤੇ ਹਮਲਾ ਬੋਲਦਿਆਂ ਇਸ ਮੁਹਿੰਮ ਤਹਿਤ ਵੱਡੇ ਸਮਗੱਲਰਾਂ ਦੀ 3.75 ਕਰੋੜ ਰੁਪਏ ਦੀਆਂ ਪ੍ਰਾਪਰਟੀਆਂ ਅਟੈਚ ਕੀਤੀਆਂ ਗਈਆਂ ਹਨ ਜਦ ਕਿ 7 ਪ੍ਰਾਪਰਟੀਆਂ ਢਾਹੀਆਂ ਗਈਆਂ ਹਨ।
ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ਪਿਛਲੇ ਡੇਢ ਮਹੀਨੇ ਵਿੱਚ 12 ਡਰੱਗ ਹੋਟਸਪੋਟ ਇਲਾਕਿਆਂ ਵਿੱਚ ਨਸ਼ੇ ਨਾਲ ਜੂੜੇ 31 ਦੋਸ਼ੀ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਨਸ਼ਿਆਂ ਦੇ ਮਾਮਲੇ ਵਿੱਚ ਪਿਛਲੇ ਦੋ ਮਹੀਨਿਆਂ ਜੁਲਾਈ ਤੇ ਅਗਸਤ ਦੌਰਾਨ ਕਈ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਸ਼ਾਸਨ ਅਤੇ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।
ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ "ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੂਰੀ ਸੰਜੀਦਗੀ ਅਤੇ ਪਾਰਦਰਸ਼ਤਾ ਨਾਲ ਕੰਮ ਕਰ ਰਿਹਾ ਹੈ। ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨਸ਼ਾ ਪੀੜਤਾਂ ਦੇ ਸਹੀ ਮੁੜ-ਵਸੇਬੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਮੀਨੀ ਪੱਧਰ 'ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਸ ਗੰਭੀਰ ਮੁੱਦੇ 'ਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਨਸ਼ੇ ਦੇ ਵਿੱਚ ਫਸੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਵਾਪਸ ਜੋੜਨ ਲਈ ਇਸ ਸਾਲ 600 ਤੋਂ ਵੱਧ ਨੌਜਵਾਨਾਂ ਨੂੰ ਇਲਾਜ ਮੁਹੱਈਆ ਕਰਵਾਇਆ ਗਿਆ ਹੈ।
ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ(ਜ) ਸੰਜੀਵ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਪੇ.ਵਿਕਾਸ) ਅਵਨੀਤ ਕੌਰ, ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਿਵੀਜ਼ਨਾਂ ਦੇ ਐਸ.ਡੀ.ਐਮਜ਼, ਡੀ.ਐਸ.ਪੀ., ਬੀ.ਡੀ.ਪੀ.ਓਜ਼, ਨਗਰ ਕੌਂਸਲਾਂ ਦੇ ਈ.ਓ., ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰ, ਨਸ਼ਾ ਮੁਕਤੀ ਮੋਰਚਾ ਦੇ ਕੋਆਡੀਨੇਟਰ ਹਾਜ਼ਰ ਸਨ।