ਚੰਡੀਗੜ੍ਹ : ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਲਈ Z+ ਸਿਕਿਓਰਿਟੀ ਦੀ ਮੰਗ ਉੱਠੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੂੰ ਵੀ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਇਕ ਵਕੀਲ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬਾਕਾਇਦਾ ਚਿੱਠੀ ਵੀ ਲਿਖੀ ਗਈ ਹੈ।
ਜਾਣਕਾਰੀ ਮੁਤਾਬਕ, ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਅਤੇ ਕੌਂਸਲ ਆਫ਼ ਲਾਇਰਜ਼ ਦੇ ਚੇਅਰਮੈਨ ਵਾਸੂ ਰੰਜਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਚਿੱਠੀ ਲਿਖ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ Z+ ਸ਼੍ਰੇਣੀ ਦੀ ਸੁਰੱਖਿਆ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪਰਿਵਾਰ 'ਤੇ ਗੈਂਗਸਟਰਾਂ ਦੇ ਹਮਲੇ ਦਾ ਖ਼ਦਸ਼ਾ ਜਤਾਉਂਦਿਆਂ ਖੁਫ਼ੀਆ ਏਜੰਸੀਆਂ ਰਾਹੀਂ ਤੁਰੰਤ ਖ਼ਤਰੇ ਦਾ ਮੁਲਾਂਕਣ ਕਰਵਾਉਣ ਦੀ ਅਪੀਲ ਕੀਤੀ ਹੈ।
ਵਕੀਲ ਵਾਸੂ ਰੰਜਨ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਹਾਲ ਹੀ ਵਿਚ ਇਕ ਵੀਡੀਓ ਦੇਖੀ, ਜਿਸ 'ਚ ਕੈਨੇਡਾ 'ਚ ਹੋਲੋਗ੍ਰਾਮ ਟੂਰ ਦੌਰਾਨ ਮੂਸੇਵਾਲਾ ਦੇ ਛੋਟੇ ਭਰਾ ਦੇ ਹਾਵ-ਭਾਵ ਅਤੇ ਅੰਦਾਜ਼ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੀ ਯਾਦ ਦਿਵਾਉਂਦੇ ਹਨ। ਉਨ੍ਹਾਂ ਨੇ ਖ਼ਦਸ਼ਾ ਜਤਾਇਆ ਕਿ ਗੈਂਗਸਟਰ ਜਾਂ ਅਪਰਾਧਿਕ ਅਨਸਰ ਇਸ ਬੱਚੇ ਜਾਂ ਉਸ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਬੱਚੇ ਦੀ ਜ਼ਿੰਦਗੀ ਅਨਮੋਲ ਹੈ ਅਤੇ ਪਰਿਵਾਰ ਨੂੰ ਮੁੜ ਕਿਸੇ ਦੁਖਾਂਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਾਰੇ ਲੋੜੀਂਦੇ ਸਾਵਧਾਨੀ ਵਾਲੇ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਤੋਂ ਇਸ ਮਾਮਲੇ 'ਚ ਨਿੱਜੀ ਮੁਲਾਕਾਤ ਲਈ ਜਲਦੀ ਸਮਾਂ ਦੇਣ ਦੀ ਅਪੀਲ ਵੀ ਕੀਤੀ ਹੈ, ਤਾਂ ਜੋ ਉਹ ਪਰਿਵਾਰ ਦੀ ਸੁਰੱਖਿਆ ਸਬੰਧੀ ਆਪਣੇ ਖ਼ਦਸ਼ੇ ਅਤੇ ਚਿੰਤਾਵਾਂ ਸਿੱਧੇ ਉਨ੍ਹਾਂ ਸਾਹਮਣੇ ਰੱਖ ਸਕਣ।