ਸੁਨਾਮ (ਰਮੇਸ਼ ਗਰਗ) : ਪੰਜਾਬ ਨੰਬਰਦਾਰ ਯੂਨੀਅਨ ਦੀ ਅਹਿਮ ਬੈਠਕ ਤਹਿਸੀਲ ਪ੍ਰਧਾਨ ਸ਼ਮਸ਼ੇਰ ਸਿੰਘ ਛਾਜਲੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਨੰਬਰਦਾਰਾਂ ਨੇ ਹਿੱਸਾ ਲੈ ਕੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸਰਕਾਰ ਦੇ ਰਵੱਈਏ ਬਾਰੇ ਵਿਚਾਰ-ਵਟਾਂਦਰਾ ਕੀਤਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਸਕੱਤਰ ਰਣ ਸਿੰਘ ਮਹਿਲਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਚੋਣਾਂ ਦੌਰਾਨ ਨੰਬਰਦਾਰਾਂ ਦਾ ਮਾਣ-ਭੱਤਾ ਹਰਿਆਣਾ ਦੇ ਬਰਾਬਰ ਕਰਨ ਅਤੇ ਰਵਾਇਤੀ ਨੰਬਰਦਾਰੀ ਸਿਸਟਮ ਨੂੰ ਮਜ਼ਬੂਤ ਕਰਨ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਨੰਬਰਦਾਰ ਯੂਨੀਅਨ ਵੱਲੋਂ ਮਾਲ ਮੰਤਰੀ, ਵਿੱਤ ਮੰਤਰੀ ਅਤੇ ਵਿਧਾਨ ਸਭਾ ਸਪੀਕਰ ਸਮੇਤ ਕਈ ਉੱਚ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਮੰਗਾਂ ਰੱਖੀਆਂ ਗਈਆਂ, ਪਰ ਕਿਸੇ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ। ਇਸ ਕਾਰਨ ਪੰਜਾਬ ਭਰ ਦੇ ਨੰਬਰਦਾਰਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਰਣ ਸਿੰਘ ਮਹਿਲਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਨੰਬਰਦਾਰਾਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਮੂਹ ਨੰਬਰਦਾਰ ਸਰਕਾਰ ਦਾ ਬਾਈਕਾਟ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਨੰਬਰਦਾਰਾਂ ਨੇ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ ਅਤੇ ਲੋੜ ਪੈਣ 'ਤੇ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਦੀ ਤਾਕਤ ਵੀ ਰੱਖਦੇ ਹਨ।
ਤਹਿਸੀਲ ਪ੍ਰਧਾਨ ਸ਼ਮਸ਼ੇਰ ਸਿੰਘ ਛਾਜਲੀ ਨੇ ਕਿਹਾ ਕਿ ਨੰਬਰਦਾਰ ਯੂਨੀਅਨ ਨੇ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦਾ ਭਰਪੂਰ ਸਾਥ ਦਿੱਤਾ ਸੀ ਅਤੇ ਉਮੀਦ ਕੀਤੀ ਸੀ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰੇਗੀ। ਪਰ ਅੱਜ ਤੱਕ ਨਾ ਤਾਂ ਮਾਣ-ਭੱਤੇ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਨਾ ਹੀ ਹੋਰ ਮੰਗਾਂ ਦਾ ਨਿਪਟਾਰਾ ਹੋਇਆ ਹੈ।
ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਇਸੇ ਮਹੀਨੇ ਦੁਬਾਰਾ ਵਿਸ਼ਾਲ ਮੀਟਿੰਗ ਬੁਲਾ ਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ। ਲੋੜ ਪੈਣ 'ਤੇ ਪੰਜਾਬ ਪੱਧਰ 'ਤੇ ਹੋਰ ਧਿਰਾਂ ਨਾਲ ਮਿਲ ਕੇ ਵੱਡਾ ਅੰਦੋਲਨ ਵੀ ਸ਼ੁਰੂ ਕੀਤਾ ਜਾਵੇਗਾ।
ਇਸ ਮੌਕੇ ਸਰਬਸੰਮਤੀ ਨਾਲ ਸਤਨਾਮ ਸਿੰਘ ਛਾਜਲੀ ਨੂੰ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਸੁਨਾਮ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਗਿਆ।
ਮੀਟਿੰਗ ਵਿੱਚ ਅਜੈਬ ਸਿੰਘ ਉਗਰਾਹਾਂ, ਅਜਾਇਬ ਸਿੰਘ ਨੀਲੋਵਾਲ, ਜੱਗਾ ਸਿੰਘ ਜਖੇਪਲ, ਜੁਗਰਾਜ ਸਿੰਘ ਭੈਣੀ, ਜਾਗਰ ਸਿੰਘ ਕਣਕਵਾਲ, ਪਰਮਜੀਤ ਸਿੰਘ ਛਾਜਲੀ, ਸਤਿਗੁਰ ਸਿੰਘ ਛਾਜਲੀ, ਬਾਦਲ ਸਿੰਘ ਛਾਜਲਾ, ਬਲਵਿੰਦਰ ਸਿੰਘ ਸੁਨਾਮ, ਹਰਬੰਸ ਸਿੰਘ ਕਣਕਵਾਲ, ਹਰਬੰਸ ਸਿੰਘ ਖਡਿਆਲ, ਡਾ ਗੁਰਮੇਲ ਸਿੰਘ ਚੱਠਾ ਆਦਿ
ਸਮੇਤ ਹੋਰ ਨੰਬਰਦਾਰ ਵੀ ਹਾਜ਼ਰ ਸਨ।