ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਵਿਸ਼ਵ ਪੋਲੀਓ ਦਿਵਸ ਦੇ ਮੱਦੇਨਜ਼ਰ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਲੋਕਾਂ ਨੂੰ ਪੋਲੀਓ ਤੋਂ ਬਚਾਅ ਅਤੇ ਬੱਚਿਆਂ ਦੇ ਸੰਪੂਰਨ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ ਹੈ। ਵਿਸ਼ਵ ਪੋਲੀਓ ਦਿਵਸ ਹਰ ਸਾਲ 24 ਅਕਤੂਬਰ ਨੂੰ ਮਨਾਇਆ ਜਾਂਦਾ ਹੈ। ਇਸ ਦਾ ਮੁੱਖ ਉਦੇਸ਼ ਪੋਲੀਓ ਦੇ ਖਾਤਮੇ ਲਈ ਟੀਕਾਕਰਨ ਦੀ ਮਹੱਤਤਾ ਅਤੇ ਵਿਸ਼ਵ ਪੱਧਰ ’ਤੇ ਕੀਤੇ ਜਾ ਰਹੇ ਯਤਨਾਂ ਬਾਰੇ ਜਾਗਰੂਕਤਾ ਵਧਾਉਣਾ ਹੈ।
ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਅਮਨ ਸੂਦ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਉਮਰ ਅਨੁਸਾਰ ਸੰਪੂਰਨ ਟੀਕਾਕਰਨ ਯਕੀਨੀ ਬਣਾਉਣ ਅਤੇ ਟੀਕਾਕਰਨ ਕਾਰਡ ਅਨੁਸਾਰ ਸਾਰੇ ਨਿਰਧਾਰਤ ਟੀਕੇ ਸਮੇਂ ਸਿਰ ਲਗਵਾਉਣ।
ਉਨ੍ਹਾਂ ਕਿਹਾ ਕਿ ਪੋਲੀਓ ਇੱਕ ਵਾਇਰਸ ਨਾਲ ਹੋਣ ਵਾਲੀ ਸੰਕ੍ਰਮਿਤ ਬਿਮਾਰੀ ਹੈ, ਜੋ ਮੁੱਖ ਤੌਰ ’ਤੇ ਛੋਟੇ ਬੱਚਿਆਂ ਨੂੰ ਪ੍ਰਭਾਵਿਤ ਕਰ ਸਕਦੀ ਹੈ ਅਤੇ ਗੰਭੀਰ ਮਾਮਲਿਆਂ ਵਿੱਚ ਸਥਾਈ ਅਪੰਗਤਾ ਦਾ ਕਾਰਨ ਬਣ ਸਕਦੀ ਹੈ। ਇਸ ਬਿਮਾਰੀ ਦਾ ਕੋਈ ਖ਼ਾਸ ਇਲਾਜ ਨਹੀਂ ਹੈ, ਪਰ ਟੀਕਾਕਰਨ ਰਾਹੀਂ ਇਸ ਤੋਂ ਬਚਾਅ ਸੰਭਵ ਹੈ। ਇਸ ਲਈ ਹਰ ਬੱਚੇ ਤੱਕ ਪੋਲੀਓ ਦੀ ਵੈਕਸੀਨ ਪਹੁੰਚਾਉਣਾ ਬਹੁਤ ਮਹੱਤਵਪੂਰਨ ਹੈ।
ਸਿਵਲ ਸਰਜਨ ਨੇ ਕਿਹਾ ਕਿ ਮਾਪਿਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਬੱਚਿਆਂ ਦੀ ਕੋਈ ਵੀ ਨਿਰਧਾਰਤ ਟੀਕੇ ਦੀ ਖੁਰਾਕ ਨਾ ਛੁੱਟੇ। ਜੇਕਰ ਕਿਸੇ ਬੱਚੇ ਦਾ ਟੀਕਾਕਰਨ ਰਹਿ ਗਿਆ ਹੋਵੇ ਤਾਂ ਮਾਪੇ ਨੇੜਲੇ ਸਰਕਾਰੀ ਸਿਹਤ ਕੇਂਦਰ ਜਾਂ ਸਿਹਤ ਕਰਮਚਾਰੀ ਨਾਲ ਸੰਪਰਕ ਕਰਕੇ ਅਗਲੀ ਕਾਰਵਾਈ ਬਾਰੇ ਜਾਣਕਾਰੀ ਲੈਣ।
ਉਨ੍ਹਾਂ ਕਿਹਾ ਕਿ ਪੋਲੀਓ ਤੋਂ ਬਚਾਅ ਲਈ ਮਾਪਿਆਂ, ਸਿਹਤ ਕਰਮਚਾਰੀਆਂ ਅਤੇ ਸਮਾਜ ਦੇ ਹਰ ਵਰਗ ਦੀ ਭੂਮਿਕਾ ਅਹਿਮ ਹੈ। ਲੋਕਾਂ ਨੂੰ ਟੀਕਾਕਰਨ ਸਬੰਧੀ ਸਹੀ ਜਾਣਕਾਰੀ ’ਤੇ ਭਰੋਸਾ ਕਰਨਾ ਚਾਹੀਦਾ ਹੈ ਅਤੇ ਕਿਸੇ ਵੀ ਸ਼ੰਕੇ ਦੀ ਸੂਰਤ ਵਿੱਚ ਸਿਹਤ ਮਾਹਿਰਾਂ ਦੀ ਸਲਾਹ ਲੈਣੀ ਚਾਹੀਦੀ ਹੈ।
ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਸਿਹਤਮੰਦ ਭਵਿੱਖ ਲਈ ਟੀਕਾਕਰਨ ਨੂੰ ਤਰਜੀਹ ਦੇਣ ਅਤੇ ਪੋਲੀਓ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।