ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਸ ਨੇ ਦੋ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਦਾ ਪਰਦਾਫਾਸ਼ ਕਰਦੇ ਹੋਏ, 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਮੁਲਜ਼ਮਾਂ ਕੋਲੋਂ 10 ਕਿਲੋ ਹੈਰੋਇਨ ਅਤੇ 10 ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਗਏ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ 'ਤੇ ਸਾਂਝੀ ਕੀਤੀ ਹੈ।
ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਕਥਿਤ ਤੌਰ 'ਤੇ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਹਨ ਅਤੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਪ੍ਰਾਪਤੀ 'ਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਅੰਮ੍ਰਿਤਸਰ ਦੇ ਥਾਣਾ ਘਰਿੰਡਾ ਵਿਖੇ ਦੋ ਵੱਖ-ਵੱਖ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਪਿਛਲੇ ਅਤੇ ਅਗਲੇ ਸਬੰਧਾਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।