ਮੋਹਾਲੀ : ਮੋਹਾਲੀ ਪੁਲਸ ਵੱਲੋਂ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਇਕ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਸ ਦੌਰਾਨ ਇਕ ਹਰਿਆਣਾ ਆਧਾਰਿਤ ਹਥਿਆਰ ਸਪਲਾਇਰ ਸਮੇਤ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਇਕ ਗਲੌਕ ਸਮੇਤ 10 ਆਧੁਨਿਕ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿਚੋਂ ਦੇਸੀ ਹਥਿਆਰਾਂ ਦੀ ਤਸਕਰੀ ਕਰਕੇ ਮੋਟਾ ਮੁਨਾਫ਼ਾ ਕਮਾਉਣ ਲਈ ਕਾਲਜ ਜਾਣ ਵਾਲੇ ਨੌਜਵਾਨਾਂ ਨੂੰ ਵੇਚਦੇ ਸਨ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।
ਇਸ ਸਬੰਧੀ ਐੱਫ਼. ਆਈ. ਆਰ. ਦਰਜ ਕਰ ਲਈ ਗਈ ਹੈ ਅਤੇ ਇਸ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ 'ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਸ ਸੂਬੇ 'ਚ ਅਮਨ-ਕਾਨੂੰਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਗ਼ੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।