ਜਲੰਧਰ: ਪੰਜਾਬ 'ਚ ਮੌਨਸੂਨ ਨੇ ਰਫ਼ਤਾਰ ਫੜ ਲਈ ਹੈ। ਵੀਰਵਾਰ ਤੜਕਸਾਰ ਸੂਬੇ ਦੇ ਕਈ ਇਲਾਕਿਆਂ 'ਚ ਗਰਜ-ਚਮਕ ਨਾਲ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਭਾਰਤ ਮੌਸਮ ਵਿਭਾਗ ਚੰਡੀਗੜ੍ਹ ਨੇ 2 ਜੁਲਾਈ ਤੋਂ 6 ਜੁਲਾਈ ਤੱਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ ਕੀਤਾ ਹੈ।
ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਨੂੰ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਅੱਜ 2 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮੋਗਾ 'ਚ ਗਰਜ-ਚਮਕ ਦੇ ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦਾ ਅਲਰਟ ਹੈ।
ਉੱਥੇ ਹੀ 3 ਜੁਲਾਈ ਤੋਂ 6 ਜੁਲਾਈ ਤੱਕ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ 'ਚ ਗਰਜ-ਚਮਕ ਨਾਲ ਭਾਰੀ ਮੀਂਹ ਪੈ ਸਕਦਾ ਹੈ। ਇਸ ਦੌਰਾਨ 'ਯੈਲੋ ਅਲਰਟ' ਵੀ ਜਾਰੀ ਰਹੇਗਾ।