ਜਲੰਧਰ/ਚੰਡੀਗੜ੍ਹ : ਪੰਜਾਬ 'ਚ ਕਾਨੂੰਨ-ਵਿਵਸਥਾ ਨੂੰ ਹੋਰ ਜ਼ਿਆਦਾ ਮਜ਼ਬੂਤ ਬਣਾਉਣ ਅਤੇ ਸਰਹੱਦੀ ਖੇਤਰਾਂ ’ਚ ਸੁਰੱਖਿਆ ਵਿਵਸਥਾ ਦੀ ਸਮੀਖਿਆ ਲਈ ਪੰਜਾਬ ਪੁਲਸ ਦੇ ਸਪੈਸ਼ਲ ਡੀ. ਜੀ. ਪੀ. ਪ੍ਰਵੀਨ ਕੁਮਾਰ ਸਿਨ੍ਹਾ ਨੇ ਬੀਤੇ ਦਿਨ ਵੱਖ-ਵੱਖ ਸੰਵੇਦਨਸ਼ੀਲ ਨਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ, ਪੁਲਸ ਅਧਿਕਾਰੀਆਂ ਅਤੇ ਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਸੁਰੱਖਿਆ ਵਿਵਸਥਾ ਨੂੰ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਬਣਾਉਣ ਦੇ ਹੁਕਮ ਦਿੱਤੇ। ਸਪੈਸ਼ਲ ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ ਅਤੇ ਗੁਆਂਢੀ ਦੇਸ਼ ਲਗਾਤਾਰ ਵੱਖ-ਵੱਖ ਮਾਧਿਅਮਾਂ ਰਾਹੀਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਅਤੇ ਸ਼ਾਂਤੀ ਤੇ ਸਦਭਾਵਨਾ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰਦਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਇਨ੍ਹਾਂ ਚੁਣੌਤੀਆਂ ਤੋਂ ਪੂਰੀ ਤਰ੍ਹਾਂ ਚੌਕਸ ਹੈ ਅਤੇ ਕਿਸੇ ਵੀ ਸਾਜ਼ਿਸ਼ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਦੇ ਹੁਕਮਾਂ ’ਤੇ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਸੰਵੇਦਨਸ਼ੀਲ ਖੇਤਰਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਸੁਰੱਖਿਆ ਇੰਤਜ਼ਾਮਾਂ ਦੀ ਸਮੀਖਿਆ ਕਰਕੇ ਉਨ੍ਹਾਂ ਨੂੰ ਹੋਰ ਜ਼ਿਆਦਾ ਮਜ਼ਬੂਤ ਬਣਾਇਆ ਜਾ ਸਕੇ। ਇਸੇ ਕੜੀ ’ਚ ਸੰਵੇਦਨਸ਼ੀਲ ਨਾਕਿਆਂ ਦਾ ਨਿਰੀਖਣ ਕੀਤਾ ਗਿਆ, ਜਿੱਥੇ ਤਾਇਨਾਤ ਪੁਲਸ ਫੋਰਸ ਦੀ ਕਾਰਜਪ੍ਰਣਾਲੀ, ਵਾਹਨ ਜਾਂਚ, ਸ਼ੱਕੀ ਵਿਅਕਤੀਆਂ ਦੀ ਨਿਗਰਾਨੀ ਅਤੇ ਸੁਰੱਖਿਆ ਉਪਕਰਣਾਂ ਦਾ ਵੀ ਜਾਇਜ਼ਾ ਲਿਆ ਗਿਆ।
ਪ੍ਰਵੀਨ ਸਿਨ੍ਹਾ ਨੇ ਕਿਹਾ ਕਿ ਸੂਬੇ ’ਚ ਫੁਲਪਰੂਫ ਸੁਰੱਖਿਆ ਵਿਵਸਥਾ ਯਕੀਨੀ ਬਣਾਉਣ ਲਈ ਸਾਰੇ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਨਾਕੇਬੰਦੀ ਮਜ਼ਬੂਤ ਕਰਨ, ਵਾਹਨਾਂ ਦੀ ਡੂੰਘਾਈ ਨਾਲ ਜਾਂਚ, ਮੋਬਾਇਲ ਪੈਟਰੋਲਿੰਗ ਵਧਾਉਣ ਅਤੇ ਸੰਵੇਦਨਸ਼ੀਲ ਖੇਤਰਾਂ ’ਚ ਪੁਲਸ ਦੀ ਵੱਧ ਤੋਂ ਵੱਧ ਮੌਜੂਦਗੀ ਬਣਾਈ ਰੱਖਣ ਦੇ ਹੁਕਮ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਜਨਤਾ ਦੀ ਸੁਰੱਖਿਆ ਪੰਜਾਬ ਪੁਲਸ ਦੀ ਸਰਵਉੱਚ ਤਰਜੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਸਮਾਜਿਕ, ਅੱਤਵਾਦੀ ਜਾਂ ਰਾਸ਼ਟਰਵਿਰੋਧੀ ਸਰਗਰਮੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ’ਚ ਆਧੁਨਿਕ ਟੈਕਨਾਲੋਜੀ, ਖ਼ੁਫ਼ੀਆ ਸੂਚਨਾਵਾਂ ਅਤੇ ਵੱਖ-ਵੱਖ ਸੁਰੱਖਿਆ ਏਜੰਸੀਆਂ ਦੇ ਨਾਲ ਬਿਹਤਰ ਤਾਲਮੇਲ ਦੇ ਮਾਧਿਅਮ ਰਾਹੀਂ ਨਿਗਰਾਨੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ।