ਮਾਲੇਰਕੋਟਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ ਕਰਦਿਆਂ ਸੂਬੇ ਵਿਚ ਭੀਖ ਮੰਗ ਰਹੇ ਬੱਚਿਆਂ ਦੇ DNA ਟੈਸਟ ਕਰਵਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਭੀਖਾਰੀਆਂ ਵੱਲੋਂ ਅਗਵਾ ਕੀਤੇ ਗਏ ਬੱਚਿਆਂ ਨੂੰ ਰੈਸਕਿਊ ਕਰ ਕੇ ਉਨ੍ਹਾਂ ਦੇ ਮਾਪਿਆਂ ਤਕ ਪਹੁੰਚਾਇਆ ਜਾ ਰਿਹਾ ਹੈ। ਇਸ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਦੇਸ਼ ਦੀ ਬਹੁਤ ਵੱਡੀ ਤ੍ਰਾਸਦੀ ਹੈ ਕਿ ਕੁਝ ਲੋਕਾਂ ਵੱਲੋਂ ਬੱਚਿਆਂ ਤੋਂ ਅਜਿਹਾ ਕੰਮ ਕਰਵਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਮਾਨ ਅੱਜ ਅਮਰਗੜ੍ਹ ਵਿਖੇ ਨਵੇਂ ਸਬ-ਡਵੀਜ਼ਨ ਦਾ ਉਦਘਾਟਨ ਕਰਨ ਪਹੁੰਚੇ ਸਨ। ਇਸ ਮੌਕੇ ਪੱਤਰਕਾਰਾਂ ਵੱਲੋਂ ਇਸ ਮੁਹਿੰਮ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਇਹ ਲੋਕ ਬੱਚਿਆਂ ਨੂੰ ਅਗਵਾ ਕਰ ਕੇ ਜਾਂ ਵਰਗਲਾ ਕੇ ਲੈ ਜਾਂਦੇ ਹਨ ਤੇ ਫ਼ਿਰ ਉਨ੍ਹਾਂ ਕੋਲੋਂ ਇਹ ਕੰਮ ਕਰਵਾਉਂਦੇ ਹਨ। ਇੱਥੋਂ ਤਕ ਕਿ ਇਹ ਲੋਕ ਬੜੀ ਬੇਰਹਿਮੀ ਨਾਲ ਕਈ ਬੱਚਿਆਂ ਨੂੰ ਅਪਾਹਜ ਵੀ ਕਰ ਦਿੰਦੇ ਹਨ, ਤਾਂ ਜੋ ਲੋਕਾਂ ਨੂੰ ਉਨ੍ਹਾਂ 'ਤੇ 'ਰਹਿਮ' ਆਵੇ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿਚ ਸਰਕਾਰ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਤੇ ਕਈ ਬੱਚਿਆਂ ਨੂੰ ਰੈਸਕਿਊ ਵੀ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਕਈ ਬੱਚਿਆਂ ਨੂੰ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ, ਕਈਆਂ ਨੂੰ ਆਂਗਣਵਾੜੀ ਸੈਂਟਰਾਂ ਵਿਚ ਭੇਜਿਆ ਗਿਆ ਹੈ ਤੇ ਕਈਆਂ ਨੂੰ ਸਕੂਲਾਂ ਵਿਚ ਵੀ ਭੇਜਿਆ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ, ਉਨ੍ਹਾਂ ਦੀ ਤਸਕਰੀ ਕਰਨ ਵਾਲੇ ਅਤੇ ਉਨ੍ਹਾਂ 'ਤੇ ਕਿਸੇ ਵੀ ਕਿਸਮ ਦਾ ਜ਼ੁਲਮ ਕਰਨ ਵਾਲ਼ਿਆਂ ਵਿਰੁੱਧ ਸਖ਼ਤ ਕਨੂੰਨੀ ਕਾਰਵਾਈ ਤੇ ਸਜ਼ਾਵਾਂ ਯਕੀਨੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਬੱਚਿਆਂ ਦੀ ਸਿਹਤਮੰਦੀ ਅਤੇ ਉਨ੍ਹਾਂ ਦੇ ਸੁਚੱਜੇ ਭਵਿੱਖ ਲਈ ਵੀ ਅਨੇਕਾਂ ਕਿਸਮ ਦੀਆਂ ਤਜਵੀਜ਼ਾਂ 'ਤੇ ਵੀ ਕੰਮ ਕੀਤਾ ਜਾ ਰਿਹਾ ਹੈ।