ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਦੌਰੇ 'ਤੇ ਹਨ। ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪਿਛਲੇ 5 ਮਹੀਨਿਆਂ ਵਿਚ ਇਹ ਪ੍ਰਧਾਨ ਮੰਤਰੀ ਮੋਦੀ ਜੀ ਦੀ ਦੂਜੀ ਪੰਜਾਬ ਫੇਰੀ ਹੈ। ਉਨ੍ਹਾਂ ਕਿਹਾ ਕਿ ਪੀ.ਐੱਮ. ਮੋਦੀ ਪੰਜਾਬ ਨੂੰ ਆਪਣੀ ਕਰਮਭੂਮੀ ਮੰਨਦੇ ਹਨ ਤੇ ਇਸ ਪ੍ਰਤੀ ਉਨ੍ਹਾਂ ਦਾ ਬਹੁਤ ਲਗਾਅ ਹੈ।
ਆਪਣੇ ਸੰਬੋਧਨ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਬਾਬਾ ਸਾਹਿਬ ਅੰਬੇਡਕਰ ਜੀ ਦੇ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਬੀਤੇ ਕੁਝ ਦਿਨਾਂ ਵਿਚ ਕਾਦੀਆਂ, ਕਪੂਰਥਲਾ ਤੇ ਅਬੋਹਰ ਵਿਚ ਹੋਏ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸਭ ਕਿਸੇ ਪਾਰਟੀ ਜਾਂ ਵਿਅਕਤੀ ਵਿਸ਼ੇਸ਼ ਨਾਲ ਨਹੀਂ, ਸਗੋਂ ਪੰਜਾਬ ਨਾਲ ਧੱਕਾ ਹੋਇਆ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਜੀ ਨੂੰ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਨੱਥ ਪਾਉਣ ਦੀ ਅਪੀਲ ਕੀਤੀ।
ਸੁਨੀਲ ਜਾਖੜ ਨੇ ਇਸ ਮੌਕੇ ਕਿਹਾ ਕਿ ਅੱਜ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ ਹੈ। ਇਸ ਲਈ ਸਮੇਂ ਦੀ ਲੋੜ ਹੈ ਕਿ ਕੋਈ ਸਾਡੀ ਬਾਂਹ ਫੜੇ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬ ਨੂੰ ਖੁੱਲ੍ਹੇ ਗੱਫੇ ਦੇ ਰਹੇ ਹਨ, ਪਰ ਇਨ੍ਹਾਂ ਪੈਸਿਆਂ ਨੂੰ ਸਹੀ ਢੰਗ ਨਾਲ ਨਾ ਵਰਤਣ ਵਾਲਿਆਂ ਨੂੰ ਨੱਥ ਪਾਉਣ ਦੀ ਲੋੜ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ।