ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਨੂੰ ਤੇਜ਼ ਕਰਦਿਆਂ ਪੰਜਾਬ ਕਾਂਗਰਸ ਨੇ ਆਪਣੀਆਂ ਸੰਗਠਨਾਤਮਕ ਸਰਗਰਮੀਆਂ 'ਚ ਰਫ਼ਤਾਰ ਫੜ੍ਹ ਲਈ ਹੈ। ਇਸੇ ਕੜੀ ਤਹਿਤ ਪੰਜਾਬ ਕਾਂਗਰਸ ਦੀ ਕੈਂਪੇਨ ਕਮੇਟੀ ਦੇ ਚੇਅਰਮੈਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕੋਰ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਪਣੀ ਟੀਮ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਇੱਕ ਅਹਿਮ ਰਣਨੀਤਕ ਮੀਟਿੰਗ ਕੀਤੀ ਗਈ। ਪਾਰਟੀ ਵੱਲੋਂ ਜਾਰੀ ਕੀਤੀਆਂ ਨਵੀਆਂ ਤਸਵੀਰਾਂ ਨੇ ਹੁਣ ਸੂਬੇ ਦੀ ਸਿਆਸਤ 'ਚ ਵੱਡੀ ਚਰਚਾ ਛੇੜ ਦਿੱਤੀ ਹੈ ਅਤੇ ਸੁਖਜਿੰਦਰ ਸਿੰਘ ਰੰਧਾਵਾ ਹੁਣ ਚਰਨਜੀਤ ਚੰਨੀ ਦੇ ਹੱਕ 'ਚ ਨਿੱਤਰ ਆਏ ਹਨ। ਜਾਣਕਾਰੀ ਅਨੁਸਾਰ ਇਸ ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਚੁਣਾਵੀ ਰਣਨੀਤੀ ਤਿਆਰ ਕਰਨ, ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਉਣ ਵਾਲੇ ਸਿਆਸੀ ਪ੍ਰੋਗਰਾਮਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ 'ਚ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਗਿਆ ਕਿ ਕਾਂਗਰਸ ਦੇ ਸਾਰੇ ਆਗੂ ਅਤੇ ਵਰਕਰ ਇਕਜੁੱਟ ਹੋ ਕੇ ਲੋਕਾਂ 'ਚ ਜਾਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਮਜ਼ਬੂਤੀ ਨਾਲ ਪੇਸ਼ ਕਰਨ। ਪਾਰਟੀ ਨੇ ਆਪਣੇ ਸੰਦੇਸ਼ 'ਚ 'Unity is Strength' ਅਤੇ Mission 2027 ਦਾ ਨਾਅਰਾ ਵੀ ਉਭਾਰਿਆ, ਜਿਸ ਰਾਹੀਂ ਏਕਤਾ ਅਤੇ ਸੰਗਠਨਕ ਤਾਕਤ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਸਿਆਸੀ ਹਲਕਿਆਂ 'ਚ ਇਸ ਮੀਟਿੰਗ ਨੂੰ ਪੰਜਾਬ ਕਾਂਗਰਸ ਵੱਲੋਂ 2027 ਦੀ ਚੋਣੀ ਮੁਹਿੰਮ ਦੀ ਸ਼ੁਰੂਆਤੀ ਰਣਨੀਤਕ ਕਵਾਇਦ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ ਪਾਰਟੀ ਵੱਲੋਂ ਮੀਟਿੰਗ ਦੇ ਵਿਸਥਾਰਤ ਫ਼ੈਸਲਿਆਂ ਬਾਰੇ ਕੋਈ ਅਧਿਕਾਰਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਪਰ ਜਾਰੀ ਤਸਵੀਰਾਂ ਅਤੇ ਬਿਆਨ ਤੋਂ ਸਪੱਸ਼ਟ ਹੈ ਕਿ ਕਾਂਗਰਸ ਹੁਣ ਚੁਣਾਵੀ ਤਿਆਰੀਆਂ ਨੂੰ ਲੈ ਕੇ ਆਪਣੀ ਸੰਗਠਨਾਤਮਕ ਮਸ਼ੀਨਰੀ ਨੂੰ ਸਰਗਰਮ ਕਰਨ 'ਚ ਜੁੱਟ ਗਈ ਹੈ।
ਚੰਨੀ ਨੇ ਆਪਣੇ ਸਮਰਥਕਾਂ ਨਾਲ ਮੋਰਿੰਡਾ ਵਿਖੇ ਕੀਤੀ ਸੀ ਮੀਟਿੰਗ
ਦੱਸਣਯੋਗ ਹੈ ਕਿ ਹਾਈਕਮਾਨ ਵਲੋਂ ਪੰਜਾਬ ਕਾਂਗਰਸ 'ਚ ਕੀਤੇ ਵੱਡੇ ਬਦਲਾਅ ਮਗਰੋਂ ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਵਿਖੇ ਆਪਣੇ ਸਮਰਥਕਾਂ ਨਾਲ ਬੈਠਕ ਕੀਤੀ ਸੀ। ਇਸ ਬੈਠਕ ਨੂੰ ਕਾਂਗਰਸ ਹਾਈਕਮਾਨ ਦੇ ਫ਼ੈਸਲਿਆਂ ਖ਼ਿਲਾਫ਼ ਸ਼ਕਤੀ ਪ੍ਰਦਰਸ਼ਨ ਵਜੋਂ ਦੇਖਿਆ ਜਾ ਰਿਹਾ ਸੀ। ਹਾਲਾਂਕਿ ਇਸ ਮੀਟਿੰਗ ਤੋਂ ਬਾਅਦ ਚਰਨਜੀਤ ਚੰਨੀ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਉਹ ਕੋਈ ਵੀ ਵੱਖਰੀ ਪਾਰਟੀ ਨਹੀਂ ਬਣਾ ਰਹੇ ਅਤੇ ਹੁਣ ਰੰਧਾਵਾ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਵਲੋਂ ਏਕਤਾ ਦਾ ਸੁਨੇਹਾ ਦਿੱਤਾ ਗਿਆ ਹੈ।