ਧੂਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਧੂਰੀ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਵਲੋਂ ਇੱਥੇ ਆਧੁਨਿਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ ਹੈ। ਇਹ ਲਾਇਬ੍ਰੇਰੀ 1.59 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ 'ਚ 8 ਨਵੀਆਂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ ਸਨ। ਮੁੱਖ ਮੰਤਰੀ ਮਾਨ ਦਾ ਸੁਫ਼ਨਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਸਫ਼ਲਤਾ ਹਾਸਲ ਕਰਨ ਲਈ ਯੋਗ ਬਣਾਇਆ ਜਾਵੇ।
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਾਡੀ ਸਰਕਾਰ ਵਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਜਿੱਥੇ ਬੇਅਦਬੀ ਬਿੱਲ ਲਿਆਂਦਾ ਗਿਆ, ਉੱਥੇ ਹੀ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸੂਬੇ 'ਚ ਸ਼ੁਰੂ ਕਰਵਾਈਆਂ ਗਈਆਂ। ਮੁੱਖ ਮੰਤਰੀ ਨੇ ਕਿਹਾ ਕਿ ਸਮੇਂ-ਸਮੇਂ 'ਤੇ ਕਾਰੋਬਾਰੀਆਂ ਨੂੰ ਵੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਇੱਥੇ ਹੀ ਕਾਰੋਬਾਰ ਮਿਲ ਸਕੇ।
ਉਨ੍ਹਾਂ ਕਿਹਾ ਕਿ ਜਿਹੜਾ ਪੰਜਾਬ ਦੀ ਜਵਾਨੀ ਬਰਬਾਦ ਕਰੇਗਾ, ਘਰਾਂ 'ਚ ਚਿੱਟੇ ਦੇ ਸੱਥਰ ਵਿਛਾਏਗਾ, ਲੱਖਾਂ ਧੀਆਂ-ਭੈਣਾਂ ਦੀਆਂ ਰੰਗਲੀਆਂ ਚੁੰਨ੍ਹੀਆਂ ਦੇ ਰੰਗ ਚਿੱਟੇ ਕਰੇਗਾ, ਉਸ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਿਸੇ 'ਤੇ ਕੋਈ ਤਰਸ ਨਹੀਂ ਕੀਤਾ ਜਾਵੇ। ਆਉਣ ਵਾਲੇ ਸਮੇਂ 'ਚ ਤਰ੍ਹਾਂ-ਤਰ੍ਹਾਂ ਦੀਆਂ ਮੱਛੀਆਂ ਜਾਲ 'ਚ ਫਸਣਗੀਆਂ। ਉਨ੍ਹਾਂ ਵੱਡੇ ਐਲਾਨ ਕਰਦਿਆਂ ਕਿਹਾ ਕਿ ਹਰ ਪਿੰਡ ਨੂੰ ਖੇਡ ਦਾ ਮੈਦਾਨ ਬਣੇਗਾ ਅਤੇ ਸਾਫ ਪੀਣ ਵਾਲਾ ਪਾਣੀ ਦਿੱਤਾ ਜਾਵੇਗਾ।