ਚੰਡੀਗੜ੍ਹ : ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਜਲਦ ਰਾਹਤ ਮਿਲ ਸਕਦੀ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਜ਼ਿਲ੍ਹਾਵਾਰ ਮੌਸਮ ਚੇਤਾਵਨੀ ਅਨੁਸਾਰ ਸੂਬੇ ਵਿੱਚ 4 ਤੋਂ 6 ਜੂਨ ਤੱਕ ਮੌਸਮ ਸਰਗਰਮ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕੁਝ ਜ਼ਿਲ੍ਹਿਆਂ ਲਈ ਯੈਲੋ ਅਤੇ ਓਰੇਂਜ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।
ਅੱਜ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 40 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਬਰਨਾਲਾ, ਸੰਗਰੂਰ, ਬਠਿੰਡਾ ਅਤੇ ਮਾਨਸਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ ਹਨ।
ਮੌਸਮ ਵਿਭਾਗ ਅਨੁਸਾਰ 5 ਜੂਨ ਨੂੰ ਵੀ ਮੌਸਮ ਦਾ ਮਿਜ਼ਾਜ ਬਦਲਿਆ ਰਹੇਗਾ। ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। 6 ਜੂਨ ਨੂੰ ਉੱਤਰੀ ਅਤੇ ਕੇਂਦਰੀ ਪੰਜਾਬ ਦੇ ਕੁਝ ਖੇਤਰਾਂ ਵਿੱਚ ਮੌਸਮ ਸਰਗਰਮ ਰਹਿਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਮੇਤ ਕੁਝ ਜ਼ਿਲ੍ਹਿਆਂ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਦੇ ਆਸਾਰ ਬਣੇ ਰਹਿਣਗੇ, ਜਦਕਿ ਦੱਖਣ-ਪੱਛਮੀ ਪੰਜਾਬ ਵਿੱਚ ਮੌਸਮੀ ਗਤੀਵਿਧੀਆਂ ਘੱਟ ਹੋਣ ਦੀ ਉਮੀਦ ਹੈ।
ਮੌਸਮ ਵਿਭਾਗ ਦੇ ਅਨੁਸਾਰ 7 ਅਤੇ 8 ਜੂਨ ਨੂੰ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਵਿਸ਼ੇਸ਼ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਇਸ ਦੌਰਾਨ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।