ਲੁਧਿਆਣਾ : ਸਿੱਖਿਆ ਵਿਭਾਗ ਵਲੋਂ ਈ-ਪੰਜਾਬ ਪੋਰਟਲ ’ਤੇ ਵਿਦਿਆਰਥੀਆਂ ਦੀ ਹਾਜ਼ਰੀ ਨਿਯਮਿਤ ਤੌਰ ’ਤੇ ਦਰਜ ਕਰਨ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਸਨ ਪਰ ਕਈ ਸਕੂਲ ਮੁਖੀ ਵਿਭਾਗੀ ਹੁਕਮਾਂ ਦੀ ਖੁੱਲ੍ਹ ਕੇ ਅਣਦੇਖੀ ਕਰ ਕੇ ਇਸ ਕੰਮ ’ਚ ਗੰਭੀਰ ਲਾਪ੍ਰਵਾਹੀ ਦਿਖਾ ਰਹੇ ਹਨ। ਵਿਭਾਗ ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਬਹੁਤ ਸਾਰੇ ਸਕੂਲ ਅਜੇ ਵੀ ਸਮੇਂ ਸਿਰ ਪੋਰਟਲ ’ਤੇ ਹਾਜ਼ਰੀ ਅਪਡੇਟ ਨਹੀਂ ਕਰ ਰਹੇ, ਜਿਸ ਕਾਰਨ ਸਿੱਖਿਆ ਵਿਭਾਗ ਦੇ ਡਾਟਾ ਦੀ ਪਾਰਦਰਸ਼ਤਾ ਅਤੇ ਸਹੀ ਮੁਲਾਂਕਣ ਪ੍ਰਭਾਵਿਤ ਹੋ ਰਿਹਾ ਹੈ।
ਇਸ ਮਾਮਲੇ ਦੇ ਸਬੰਧ ਵਿਚ ਸਿੱਖਿਆ ਵਿਭਾਗ ਦੇ ਸਕੱਤਰ ਨੇ ਇਸ ਢਿੱਲ-ਮੱਠ ਨੂੰ ਬਹੁਤ ਗੰਭੀਰ ਮੰਨਦੇ ਹੋਏ ਕਿਹਾ ਹੈ ਕਿ ਹੁਣ 19 ਅਗਸਤ ਤੋਂ ਮੁੱਖ ਦਫ਼ਤਰ ਇਸ ਦੀ ਰੋਜ਼ਾਨਾ ਨਿਗਰਾਨੀ ਕਰੇਗਾ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਵਿਦਿਆਰਥੀਆਂ ਦੀ ਹਾਜ਼ਰੀ ਦਰਜ ਨਾ ਕਰਨਾ ਨਿਯਮਾਂ ਦੀ ਘੋਰ ਉਲੰਘਣਾ ਹੈ ਅਤੇ ਅਜਿਹੀ ਲਾਪ੍ਰਵਾਹੀ ਕਿਸੇ ਵੀ ਪੱਧਰ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਕੱਤਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੋਰਟਲ ’ਤੇ ਵਿਦਿਆਰਥੀਆਂ ਦੀ ਹਾਜ਼ਰੀ ਦਰਜ ਕਰਨਾ ਨਾ ਸਿਰਫ਼ ਇਕ ਵਿਭਾਗੀ ਰਸਮ ਹੈ, ਸਗੋਂ ਇਸ ਦਾ ਸਿੱਖਿਆ ਪ੍ਰਣਾਲੀ ਦੀ ਪਾਰਦਰਸ਼ਤਾ ਅਤੇ ਵਿਦਿਆਰਥੀਆਂ ਦੀ ਤਰੱਕੀ ’ਤੇ ਵੀ ਸਿੱਧਾ ਪ੍ਰਭਾਵ ਪੈਂਦਾ ਹੈ।
ਉਹਨਾਂ ਕਿਹਾ ਕਿ ਜੇਕਰ ਸਕੂਲ ਮੁਖੀ ਇਸ ਕੰਮ ’ਚ ਗੰਭੀਰਤਾ ਨਹੀਂ ਦਿਖਾਉਂਦੇ ਹਨ ਤਾਂ ਵਿਭਾਗ ਉਨ੍ਹਾਂ ਵਿਰੁੱਧ ਕਾਰਵਾਈ ਕਰੇਗਾ। ਸਿੱਖਿਆ ਵਿਭਾਗ ਦਾ ਮੰਨਣਾ ਹੈ ਕਿ ਡਿਜੀਟਲ ਪ੍ਰਣਾਲੀ ਲਾਗੂ ਕਰਨ ਦਾ ਮੁੱਖ ਉਦੇਸ਼ ਸਕੂਲਾਂ ਦੀ ਜਵਾਬਦੇਹੀ ਤੈਅ ਕਰਨਾ ਹੈ। ਅਜਿਹੀ ਸਥਿਤੀ ’ਚ ਜੇਕਰ ਸਕੂਲ ਆਦੇਸ਼ਾਂ ਦੀ ਉਲੰਘਣਾ ਕਰਦੇ ਹਨ ਤਾਂ ਇਹ ਪੂਰੇ ਸਿਸਟਮ ’ਤੇ ਸਵਾਲ ਖੜ੍ਹੇ ਕਰਦਾ ਹੈ।