ਗੁਰਦਾਸਪੁਰ : ਗੁਰਦਾਸਪੁਰ ਬਾਈਪਾਸ ’ਤੇ ਕ੍ਰਿਸ਼ਨਾ ਨਗਰ ਦੇ ਰਹਿਣ ਵਾਲੇ ਪੁਲਸ ਕਾਂਸਟੇਬਲ ਵਿਨੋਦ ਕੁਮਾਰ ਦੀ ਗੋਲੀ ਮਾਰ ਕੇ ਕੀਤੇ ਗਏ ਕਤਲ ਮਾਮਲੇ ਵਿੱਚ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਨਾਮਕ ਸੰਗਠਨ ਨੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਅੱਗੇ ਵੀ ਇਸ ਤਰ੍ਹਾਂ ਦੇ ਕਤਲ ਕਰਨ ਦੀ ਧਮਕੀ ਦਿੱਤੀ। ਸੰਗਠਨ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ਵਿੱਚ ਰੋਜ਼ਾਨਾ ਅਜਿਹੀਆਂ ਵਾਰਦਾਤਾਂ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਹਾਲਾਂਕਿ ਪੁਲਸ ਵੱਲੋਂ ਇਸ ਦਾਅਵੇ ਦੀ ਸੱਚਾਈ ਅਤੇ ਇਸ ਦੇ ਪਿੱਛੇ ਮੌਜੂਦ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਗੰਭੀਰ ਘਟਨਾ ਤੋਂ ਬਾਅਦ ਪੰਜਾਬ ਪੁਲਸ ਦੇ ਵਧੀਕ ਡਾਇਰੈਕਟਰ ਜਨਰਲ (ਏਡੀਜੀਪੀ) ਪ੍ਰਵੀਨ ਸਿਨਹਾ ਨੇ ਆਈਜੀ ਭੁੱਲਰ ਅਤੇ ਗੁਰਦਾਸਪੁਰ ਦੇ ਐਸਐਸਪੀ ਆਦਿੱਤਿਆ ਸਮੇਤ ਘਟਨਾ ਸਥਾਨ ਦਾ ਦੌਰਾ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪੁਸ਼ਟੀ ਕੀਤੀ ਕਿ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਵੱਲੋਂ ਕਤਲ ਦੀ ਜ਼ਿੰਮੇਵਾਰੀ ਲੈਣ ਸਬੰਧੀ ਇੱਕ ਪ੍ਰੈੱਸ ਨੋਟ ਜਾਰੀ ਕੀਤਾ ਗਿਆ ਹੈ।
ਏਡੀਜੀਪੀ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਕਾਂਸਟੇਬਲ ਵਿਨੋਦ ਕੁਮਾਰ ਦੇ ਸਿਰ ਵਿੱਚ ਗੋਲੀ ਮਾਰੀ ਗਈ ਸੀ। ਉਹ ਪੁਲਸ ਦੀ ਤਕਨੀਕੀ ਯੂਨਿਟ ਵਿੱਚ ਤਾਇਨਾਤ ਸੀ ਅਤੇ ਸਿਖਲਾਈ ਪੂਰੀ ਕਰਨ ਤੋਂ ਬਾਅਦ ਆਪਣੇ ਘਰ ਕ੍ਰਿਸ਼ਨਾ ਨਗਰ ਵਾਪਸ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਪੁਲਸ ਨੂੰ ਇਸ ਘਟਨਾ ਸਬੰਧੀ ਜਾਣਕਾਰੀ ਦੁਪਹਿਰ ਕਰੀਬ 12 ਵਜੇ ਮਿਲੀ, ਜਦਕਿ ਮੁੱਢਲੇ ਅੰਦਾਜ਼ੇ ਅਨੁਸਾਰ ਵਾਰਦਾਤ ਰਾਤ ਕਰੀਬ 9:30 ਵਜੇ ਵਾਪਰੀ ਹੋ ਸਕਦੀ ਹੈ। ਪੁਲਸ ਵੱਲੋਂ ਘਟਨਾ ਨਾਲ ਜੁੜੇ ਸਾਰੇ ਪਹਿਲੂਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ ਕਿ ਕਿਤੇ ਇਹ ਮਾਮਲਾ ਨਿੱਜੀ ਰੰਜਿਸ਼ ਦਾ ਨਤੀਜਾ ਤਾਂ ਨਹੀਂ।
ਏਡੀਜੀਪੀ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਕਿਸੇ ਇੱਕ ਪਹਿਲੂ ਨੂੰ ਆਧਾਰ ਬਣਾ ਕੇ ਨਤੀਜਾ ਕੱਢਣਾ ਠੀਕ ਨਹੀਂ ਹੋਵੇਗਾ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਸਬੰਧੀ ਸਹੀ ਅਤੇ ਪੂਰੀ ਜਾਣਕਾਰੀ ਸਾਹਮਣੇ ਲਿਆਂਦੀ ਜਾਵੇਗੀ। ਇਸ ਕਤਲ ਅਤੇ ਸੰਗਠਨ ਵੱਲੋਂ ਕੀਤੇ ਗਏ ਦਾਅਵੇ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਹੈ ਅਤੇ ਲੋਕਾਂ ਦੀਆਂ ਨਜ਼ਰਾਂ ਹੁਣ ਪੁਲਸ ਜਾਂਚ ’ਤੇ ਟਿਕੀਆਂ ਹੋਈਆਂ ਹਨ।