ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਯੂਨੀਵਰਸਿਟੀ ਕੈਂਪਸ 'ਚ ਮਾਹੌਲ ਕਾਫੀ ਗਰਮ ਹੈ ਅਤੇ ਵਿਦਿਆਰਥੀਆਂ ਵਲੋਂ ਸੈਨੇਟ ਚੋਣਾਂ ਦੇ ਤੁਰੰਤ ਐਲਾਨ ਦੀ ਮੰਗ ਕੀਤੀ ਜਾ ਰਹੀ ਹੈ।
ਹਾਲਾਂਕਿ ਪੁਲਸ ਵਲੋਂ ਸੁਰੱਖਿਆ ਦੇ ਪੁਖ਼ਤ ਪ੍ਰਬੰਧ ਕੀਤੇ ਗਏ ਹਨ ਪਰ ਇਸ ਦੌਰਾਨ ਯੂਨੀਵਰਸਿਟੀ ਦੇ ਗੇਟ ਨੰਬਰ-1 'ਤੇ ਪ੍ਰਦਰਸ਼ਨਕਾਰੀਆਂ ਵਲੋਂ ਬੈਰੀਕੇਡ ਤੋੜ ਦਿੱਤੇ ਗਏ ਅਤੇ ਉਹ ਯੂਨੀਵਰਸਿਟੀ ਅੰਦਰ ਦਾਖ਼ਲ ਹੋ ਗਏ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਸ ਨਾਲ ਧੱਕਾ-ਮੁੱਕੀ ਹੋ ਗਈ। ਵਿਦਿਆਰਥੀਆਂ ਵਲੋਂ ਲਗਾਤਾਰ ਚੰਡੀਗੜ੍ਹ ਪੁਲਸ ਗੋ ਬੈਕ ਦੇ ਨਾਅਰੇ ਲਾਏ ਜਾ ਰਹੇ ਹਨ। ਇਸ ਦੌਰਾਨ ਪੁਲਸ ਨੇ ਵਿਦਿਆਰਥੀਆਂ ਨੂੰ ਪਿਛਾਂਹ ਕਰਨ ਲਈ ਹਲਕਾ ਲਾਠੀਚਾਰਜ ਵੀ ਕੀਤਾ ਹੈ।
ਫਿਲਹਾਲ ਯੂਨੀਵਰਸਿਟੀ ਦੇ ਸਾਰੇ ਗੇਟਾਂ 'ਤੇ ਭਾਰੀ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਚੰਡੀਗੜ੍ਹ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਚੰਡੀਗੜ੍ਹ ਪੁਲਸ ਨੇ ਪੂਰੇ ਸ਼ਹਿਰ 'ਚ ਮੁਸਤੈਦੀ ਵਧਾ ਦਿੱਤੀ ਹੈ ਤਾਂ ਜੋ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਿਆ ਜਾ ਸਕੇ।