ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) (ਪ੍ਰੀਤ ਪੱਤੀ) : ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਸੁਰਿੰਦਰ ਕਲਿਆਣ ਨੇ ਅੱਜ ਨਗਰ ਨਿਗਮ ਖਰੜ ਦੇ ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਲਈ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਖਰੜ, ਸ੍ਰੀ ਅਸ਼ੋਕ ਪਥਾਰੀਆ ਅਤੇ ਸਫਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਨਾਲ ਵਿਸਥਾਰ ਪੂਰਵਕ ਬੈਠਕ ਕੀਤੀ।
ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਫ਼ਾਈ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸਕਿਲਾਂ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
ਵਾਈਸ ਚੇਅਰਮੈਨ ਨੇ ਸਫ਼ਾਈ ਕਰਮਚਾਰੀਆਂ ਨੂੰ ਸਾਬਣ, ਤੇਲ ਅਤੇ ਵਰਦੀਆਂ ਮੁਹੱਈਆ ਕਰਵਾਉਣ ਸਬੰਧੀ ਮਾਮਲਿਆਂ ਦਾ ਵੀ ਜਾਇਜ਼ਾ ਲਿਆ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਰਾਜ ਸਫ਼ਾਈ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਮੁੱਢਲਾ ਫਰਜ਼ ਹੈ ਅਤੇ ਕਿਸੇ ਵੀ ਕਰਮਚਾਰੀ ਨਾਲ ਧੱਕੇਸ਼ਾਹੀ ਜਾਂ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਈ ਵੀ ਸਫਾਈ ਕਰਮਚਾਰੀ ਆਪਣੀ ਸਮੱਸਿਆ ਲਈ ਬਿਨਾਂ ਝਿਜਕ ਕਮਿਸ਼ਨ ਨਾਲ ਸੰਪਰਕ ਕਰ ਸਕਦਾ ਹੈ।
ਇਸ ਮੌਕੇ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਖਰੜ ਨੇ ਭਰੋਸਾ ਦਿਵਾਇਆ ਕਿ ਵਾਈਸ ਚੇਅਰਮੈਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਅਤੇ ਸਫਾਈ ਕਰਮਚਾਰੀਆਂ ਦੀਆਂ ਸੰਭਵ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ।
ਇਸ ਮੌਕੇ ਕਾਰਜ ਸਾਧਕ ਅਫਸਰ ਨੇ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ ਚੇਅਰਮੈਨ ਨੂੰ ਭਰੋਸਾ ਦਵਾਇਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਠੇਕੇ ਤੋਂ ਰੈਗੂਲਰ ਅਤੇ ਆਊਟਸੋਰਸ ਤੋਂ ਠੇਕੇ 'ਤੇ ਲਿਆਂਦੇ ਜਾਣ ਵਾਲੇ ਸਫਾਈ ਕਾਮਿਆਂ ਦੀਆਂ ਸੂਚੀਆਂ ਸਰਕਾਰ ਨੂੰ ਭੇਜ ਦਿੱਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਖਰੜ ਵਿੱਚ 414 ਦੇ ਕਰੀਬ ਸਫਾਈ ਸੇਵਕ ਅਤੇ ਸੈਨੇਟਰੀ ਵਰਕਰ ਕੰਮ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਲੋੜ ਪੈਣ ਤੇ ਇਨ੍ਹਾਂ ਦੀ ਗਿਣਤੀ ਵਿੱਚ ਵਾਧਾ ਕਰਨ 'ਤੇ ਵੀ ਵਿਚਾਰ ਕੀਤਾ ਜਾਵੇਗਾ।