ਲੁਧਿਆਣਾ : ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ ਈਸੜੂ ਭਵਨ ’ਚ ਕਮਲ ਕੁਮਾਰ, ਚੇਅਰਮੈਨ ਬਲਵਿੰਦਰ ਸਿੰਘ ਰਾਠ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਹਰਕੇਸ਼ ਕੁਮਾਰ ਵਿੱਕੀ ਦੀ ਅਗਵਾਈ ਹੇਠ ਹੋਈ। ਆਗੂਆਂ ਨੇ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਨਿਖੇਧੀ ਕਰਦਿਆਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ’ਚ 4 ਸਾਲ ਦੇ ਕਰੀਬ ਹੋ ਗਏ ਹਨ। ਟਰਾਂਸਪੋਰਟ ਵਿਚ ਇਕ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ। 50 ਤੋਂ 60 ਮੀਟਿੰਗਾਂ ਯੂਨੀਅਨ ਨੇ ਸੰਘਰਸ਼ ਕਰਕੇ ਪ੍ਰਾਪਤ ਕੀਤੀਆਂ ਸਨ, ਜਿਨ੍ਹਾਂ ’ਚੋਂ 2 ਮੀਟਿੰਗਾਂ ਮੁੱਖ ਮੰਤਰੀ ਪੰਜਾਬ ਨਾਲ ਹੋਈਆਂ ਅਤੇ ਟਰਾਂਸਪੋਰਟ ਮੰਤਰੀ ਤੇ ਟਰਾਸਪੋਰਟ ਸਕੱਤਰ ਪੰਜਾਬ ਦੇ ਨਾਲ ਵਾਰ-ਵਾਰ ਮੀਟਿੰਗਾਂ ਹੋਈਆਂ ਹਰ ਵਾਰ ਕਿਹਾ ਜਾਂਦਾ ਹੈ ਕਿ 15 ਦਿਨ ’ਚ ਜਥੇਬੰਦੀ ਦੀਆਂ ਮੰਗਾਂ ਦਾ ਹੱਲ ਕਰ ਦਿੱਤਾ ਜਾਵੇਗਾ ਪਰ ਸਰਕਾਰ ਨੇ ਇਕ ਵੀ ਮੰਗ ਦਾ ਹੱਲ ਨਹੀਂ ਕੀਤਾ।
ਸਰਕਾਰ ਅਤੇ ਮੈਨੇਜਮੈਂਟ ਨੂੰ ਵਾਰ-ਵਾਰ ਤਰਕ ਦੇਣ ਦੇ ਬਾਵਜੂਦ ਵੀ ਸਰਕਾਰ ਵਾਰ-ਵਾਰ ਕਿਲੋਮੀਟਰ ਸਕੀਮ ਨੂੰ ਤਰਜੀਹ ਦੇ ਕੇ ਟੈਂਡਰ, ਲੈ ਕੇ ਆ ਰਹੀ ਹੈ, ਜਿਸ ਦਾ ਜਥੇਬੰਦੀ ਵਿਰੋਧ ਕਰਦੀ ਆ ਰਹੀ ਹੈ। ਸ਼ਮਸ਼ੇਰ ਸਿੰਘ ਢਿੱਲੋਂ, ਸੂਬਾ ਕੈਸ਼ੀਅਰ ਬਲਜੀਤ ਸਿੰਘ, ਸੀਨੀ. ਮੀਤ ਪ੍ਰਧਾਨ ਬਲਜਿੰਦਰ ਸਿੰਘ, ਗੁਰਪ੍ਰੀਤ ਪੰਨੂ, ਜੁਆਇੰਟ ਸਕੱਤਰ ਜੋਧ ਸਿੰਘ, ਦਫਤਰੀ ਸਕੱਤਰ ਰੋਹੀ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਜੋ ਸੱਤਾ ’ਚ ਆਉਣ ਤੋਂ ਪਹਿਲਾਂ ਵਾਅਦੇ ਕਰਦੀ ਸੀ, ਉਹ ਬਿਲਕੁਲ ਹੀ ਝੂਠੇ ਜਾਪਦੇ ਹਨ।
ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਜਾਂ ਸਰਕਾਰ ਕਿਲੋਮੀਟਰ ਸਕੀਮ ਦਾ ਟੈਂਡਰ ਲੈ ਕੇ ਆਉਂਦੀ ਹੈ ਤਾਂ 28 ਨਵੰਬਰ ਨੂੰ ਗੇਟ ਰੈਲੀਆ ਕਰ ਕੇ ਤੁਰੰਤ ਬੰਦ ਕੀਤਾ ਜਾਵੇਗਾ, ਇਸੇ ਤਰ੍ਹਾਂ 2 ਦਸੰਬਰ ਨੂੰ 11 ਵਜੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਜੇਕਰ ਪੀ. ਆਰ. ਟੀ. ਸੀ. ਮੈਨੇਜਮੈਂਟ ਟੈਂਡਰ ਖੋਲ੍ਹਦੀ ਹੈ ਤਾਂ ਤੁਰੰਤ ਬੰਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ 8, 9, 10 ਦਸੰਬਰ ਨੂੰ ਮੁਕੰਮਲ ਹੜਤਾਲ ਕੀਤੀ ਜਾਵੇਗੀ।