ਫਾਜ਼ਿਲਕਾ : ਫਾਜ਼ਿਲਕਾ ਸ਼ਹਿਰ ’ਚ ਸਵੇਰੇ 4:30 ਵਜ਼ੇ ਸ਼ੁਰੂ ਹੋਏ ਭਾਰੀ ਮੀਂਹ ਅਤੇ ਤੇਜ਼ ਝੱਖੜ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ। ਮੌਸਮ ’ਚ ਆਏ ਅਚਾਨਕ ਬਦਲਾਅ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਲੱਗੇ ਫਲੈਕਸ ਬੋਰਡ ਉੱਡ ਗਏ ਅਤੇ ਕਈ ਥਾਵਾਂ ’ਤੇ ਦਰਖੱਤ ਅਤੇ ਖੰਭੇ ਡਿੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ। ਇਸ ਦੇ ਨਾਲ ਹੀ ਗਲੀਆਂ ’ਚ ਬਰਸਾਤੀ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਆਵਾਜਾਈ ’ਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਹ ਬਰਸਾਤ ਸਵੇਰੇ ਸਾਢੇ 9 ਵਜੇ ਬੰਦ ਹੋਈ। ਜਾਣਕਾਰੀ ਅਨੁਸਾਰ ਤੇਜ਼ ਹਵਾਵਾਂ ਦੇ ਨਾਲ ਪਏ ਮੀਂਹ ਨੇ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਨੂੰ ਪ੍ਰਭਾਵਿਤ ਕੀਤਾ।
ਝੱਖੜ ਕਾਰਨ ਦੁਕਾਨਾਂ ਅਤੇ ਹੋਰ ਥਾਵਾਂ ’ਤੇ ਲੱਗੇ ਫਲੈਕਸ ਬੋਰਡ ਉਖੜ ਕੇ ਡਿੱਗ ਗਏ, ਜਦ ਕਿ ਕੁੱਝ ਥਾਵਾਂ ’ਤੇ ਖੰਭੇ ਅਤੇ ਦਰਖੱਤਾਂ ਦੇ ਡਿੱਗਣ ਨਾਲ ਲੋਕਾਂ ’ਚ ਚਿੰਤਾ ਦਾ ਮਾਹੌਲ ਬਣ ਗਿਆ। ਅਜਿਹੇ ਹਾਲਾਤ ’ਚ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਭਾਰੀ ਬਰਸਾਤ ਕਾਰਨ ਸ਼ਹਿਰ ਦੀਆਂ ਕਈ ਗਲੀਆਂ ’ਚ ਪਾਣੀ ਇਕੱਠਾ ਹੋ ਗਿਆ। ਪਾਣੀ ਦੀ ਨਿਕਾਸੀ ਠੀਕ ਢੰਗ ਨਾਲ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਪਾਣੀ ਖੜ੍ਹਾ ਹੋਣ ਕਾਰਨ ਦੋਪਹੀਆ ਵਾਹਨ ਚਾਲਕਾਂ ਅਤੇ ਪੈਦਲ ਲੰਘਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ’ਚ ਬਰਸਾਤੀ ਪਾਣੀ ਦੀ ਤੇਜ਼ੀ ਨਾਲ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।