ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ 'ਚ ਦੋਸ਼ੀ ਠਹਿਰਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਬੁੱਧਵਾਰ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ। ਰਾਜੋਆਣਾ ਨੇ ਰਾਸ਼ਟਰਪਤੀ ਕੋਲ 2012 ਤੋਂ ਪੈਂਡਿੰਗ ਦਇਆ ਪਟੀਸ਼ਨ 'ਤੇ ਫੈਸਲਾ ਲੈਣ 'ਚ ਹੋਈ ਦੇਰੀ ਦਾ ਹਵਾਲਾ ਦਿੰਦੇ ਹੋਏ ਆਪਣੀ ਮੌਤ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਮੰਗ ਕੀਤੀ ਹੈ। ਜੱਜ ਵਿਕਰਮ ਨਾਥ, ਜਸਟਿਸ ਸੰਦੀਪ ਮੇਹਤਾ ਅਤੇ ਜਸਟਿਸ ਅਪਰੇਟ ਸਿੰਘ ਦੀ ਤਿੰਨ ਮੈਂਬਰੀ ਬੈਂਚ ਨੇ ਮਾਮਲੇ 'ਚ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਮਗਰੋਂ ਫੈਸਲਾ ਸੁਰੱਖਿਅਤ ਰੱਖਿਆ।
ਰਾਜੋਆਣਾ ਵਲੋਂ ਪੇਸ਼ ਵਕੀਲ ਮੁਕੁਲ ਰੋਹਤਗੀ ਨੇ ਦਲੀਲ ਦਿੱਤੀ ਕਿ ਸੁਪਰੀਮ ਕੋਰਟ ਨੇ ਮਈ 2023 'ਚ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਸ ਸਮੇਂ ਉਮਰ ਕੈਦ 'ਚ ਬਦਲਣ ਤੋਂ ਇਨਕਾਰ ਕਰ ਦਿੱਤਾ ਸੀ ਪਰ ਸਮਰੱਥ ਅਧਿਕਾਰੀ ਨੂੰ ਉੱਚਿਤ ਸਮੇਂ 'ਤੇ ਦਇਆ ਪਟੀਸ਼ਨ 'ਤੇ ਵਿਚਾਰ ਕਰਨ ਦੀ ਛੋਟ ਦਿੱਤੀ ਸੀ। ਰੋਹਤਗੀ ਨੇ ਕਿਹਾ ਕਿ ਇਸ ਦੇ ਬਾਵਜੂਦ ਕਰੀਬ ਸਾਢੇ ਤਿੰਨ ਸਾਲ ਬੀਤ ਚੁੱਕੇ ਹਨ ਪਰ ਰਾਸ਼ਟਰਪਤੀ ਕੋਲ ਪੈਂਡਿੰਗ ਦਇਆ ਪਟੀਸ਼ਨ 'ਤੇ ਅਜੇ ਤੱਕ ਕੋਈ ਫੈਸਲਾ ਨਹੀਂ ਹੋਇਆ ਹੈ।
ਉਨ੍ਹਾਂ ਇਹ ਵੀ ਦਲੀਲ ਦਿੱਤੀ ਕਿ ਰਾਜੋਆਣਾ ਕਰੀਬ 30 ਸਾਲਾਂ ਤੋਂ ਜੇਲ੍ਹ 'ਚ ਬੰਦ ਹੈ ਅਤੇ ਦਇਆ ਪਟੀਸ਼ਨ 'ਤੇ ਲੰਬੇ ਸਮੇਂ ਤੱਕ ਫੈਸਲਾ ਨਾ ਹੋਣਾ ਸੰਵਿਧਾਨ ਦੀ ਧਆਰਾ 21 ਦੇ ਅਧੀਨ ਮਿਲੇ ਜੀਵਨ ਅਤੇ ਨਿੱਜੀ ਆਜ਼ਾਦੀ ਦੇ ਮੌਲਿਕ ਅਧਿਕਾਰ ਨੂੰ ਪ੍ਰਭਾਵਿਤ ਕਰਦਾ ਹੈ। ਕੇਂਦਰ ਸਰਕਾਰ ਵਲੋਂ ਪੇਸ਼ ਸਾਲੀਸਿਟਰ ਜਨਰਲ ਕੇਐੱਮ ਨਟਰਾਜ ਨੇ ਪਟੀਸ਼ਨ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਰਾਜੋਆਣਾ ਨੇ ਖੁਦ ਦਇਆ ਪਟੀਸ਼ਨ ਦਾਖ਼ਲ ਨਹੀਂ ਕੀਤੀ ਸੀ ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਉਨ੍ਹਾਂ ਵਲੋਂ ਇਹ ਪਟੀਸ਼ਨ ਦਾਖ਼ਲ ਕੀਤੀ ਸੀ। ਅਜਿਹੇ 'ਚ ਕਿਸੇ ਦੂਜੇ ਵਿਅਕਤੀ ਜਾਂ ਸੰਸਥਾ ਵਲੋਂ ਦਾਖ਼ਲ ਦਇਆ ਪਟੀਸ਼ਨ ਦੇ ਪੈਂਡਿੰਗ ਰਹਿਣ ਦੇ ਆਧਾਰ 'ਤੇ ਰਾਜੋਆਣਾ ਧਾਰਾ 21 ਦੇ ਅਧੀਨ ਰਾਹਤ ਦਾ ਦਾਅਵਾ ਨਹੀਂ ਕਰ ਸਕਦਾ।