ਨਵੀਂ ਦਿੱਲੀ : ਦਿੱਲੀ ਪੁਲਸ ਨੇ ਬੰਗਲਾ ਸਾਹਿਬ ਗੁਰਦੁਆਰੇ 'ਚ ਹੰਗਾਮਾ ਕਰਨ ਦੇ ਮਾਮਲੇ 'ਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐੱਸਜੀਐੱਮਸੀ) ਦੀ ਸ਼ਿਕਾਇਤ ਦੇ ਆਧਾਰ 'ਤੇ ਆਮ ਆਦਮੀ ਪਾਰਟੀ (ਆਪ) ਮੁਖੀ ਅਰਵਿੰਦ ਕੇਜਰੀਵਾਲ ਅਤੇ ਹੋਰ ਪਾਰਟੀ ਆਗੂਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਸੂਤਰਾਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਐਤਵਾਰ ਨੂੰ ਦਰਜ ਕਰਵਾਈ ਗਈ ਸ਼ਿਕਾਇਤ 'ਚ, ਡੀਐੱਸਜੀਐੱਮਸੀ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਮਰਥਕ ਗੁਰਦੁਆਰਾ ਕੰਪਲੈਕਸ 'ਚ ਦਾਖਲ ਹੋਏ ਅਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ, ਜਿਸ ਨਾਲ ਹਫੜਾ-ਦਫੜੀ ਅਤੇ ਅਸ਼ਾਂਤੀ ਪੈਦਾ ਹੋਈ।
ਇਹ ਤਰ੍ਹਾਂ 'ਗੁਰੂ ਘਰ' ਦੀ ਪਵਿੱਤਰਤਾ ਦਾ ਰਾਜਨੀਤਕ ਗਤੀਵਿਧੀਆਂ ਲਈ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕੀਤੀ ਗਈ। ਸ਼ਿਕਾਇਤ 'ਚ ਇਹ ਵੀ ਕਿਹਾ ਗਿਆ ਹੈ ਕਿ 'ਆਪ' ਆਗੂਆਂ ਅਤੇ ਵਿਧਾਇਕਾਂ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਪ੍ਰਸਾਰਿਤ ਕੀਤੇ, ਜਿਨ੍ਹਾਂ 'ਚ ਘਟਨਾ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਦੋਸ਼ ਲਗਾਇਆ ਗਿਆ। ਪੁਲਸ ਸੂਤਰਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਘਟਨਾਵਾਂ ਦੇ ਕ੍ਰਮ ਦਾ ਪਤਾ ਲਗਾਉਣ ਲਈ ਸ਼ਿਕਾਇਤਕਰਤਾ ਦੁਆਰਾ ਉਪਲੱਬਧ ਕੀਤੀ ਗਈ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ ਜੰਤਰ-ਮੰਤਰ ਜਾਣ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀ ਸ਼ਨੀਵਾਰ ਨੂੰ ਵੱਡੀ ਗਿਣਤੀ 'ਚ ਗੁਰਦੁਆਰਾ ਕੰਪਲੈਕਸ 'ਚ ਇਕੱਠੇ ਹੋਏ ਸਨ। ਹਾਲਾਂਕਿ, ਪੁਲਸ ਵਲੋਂ ਹਿਰਾਸਤ 'ਚ ਲਏ ਜਾਣ ਕਾਰਨ ਉਨ੍ਹਾਂ ਦੀ ਕੋਸ਼ਿਸ਼ ਅਸਫ਼ਲ ਕਰ ਦਿੱਤੀ ਗਈ ਸੀ।