ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਓਪਰੇਟਰਜ਼ ਐਸੋਸੀਏਸ਼ਨ, ਮਗਨਰੇਗਾ ਕਰਮਚਾਰੀ ਯੂਨੀਅਨ, ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਮੀਟਿੰਗਾਂ ਕੀਤੀਆਂ।
ਕਰਮਚਾਰੀਆਂ ਅਤੇ ਮਜ਼ਦੂਰਾਂ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਿਸੇ ਵੀ ਜਾਇਜ਼ ਚਿੰਤਾ ਨੂੰ ਅਣਸੁਣਿਆ ਨਹੀਂ ਛੱਡਿਆ ਜਾਵੇਗਾ।"
ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਅਤੇ ਸ਼ਿਕਾਇਤਾਂ ਦਾ ਜਾਇਜ਼ਾ ਲੈਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੰਮ ਵਾਲੀ ਥਾਂ ਦੀਆਂ ਚੁਣੌਤੀਆਂ, ਪ੍ਰਣਾਲੀਗਤ ਸਮੱਸਿਆਵਾਂ ਅਤੇ ਵਿੱਤੀ ਤੰਗੀ ਬਾਰੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਬੜੇ ਧਿਆਨ ਨਾਲ ਸੁਣਿਆ। ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ, ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਇੱਕ ਨਿਰਧਾਰਤ ਸਮੇਂ ਦੇ ਅੰਦਰ ਸਾਰੀਆਂ ਜਾਇਜ਼ ਮੰਗਾਂ 'ਤੇ ਕਾਰਵਾਈ ਕਰਨ, ਮੁਲਾਂਕਣ ਕਰਨ ਅਤੇ ਉਨ੍ਹਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਹਾਜ਼ਰ ਸਬੰਧਤ ਵਿਭਾਗਾਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਿੱਤ ਮੰਤਰੀ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਮਾਮਲਿਆਂ ਸਬੰਧੀ ਫਾਈਲਾਂ ਨੂੰ ਮਨਜ਼ੂਰੀ ਦੇਣ ਦੇ ਨਾਲ-ਨਾਲ ਅੰਤਰ-ਵਿਭਾਗੀ ਮੁਲਾਂਕਣ ਦੀ ਪ੍ਰਕਿਰਿਆ ਤੁਰੰਤ ਸ਼ੁਰੂ ਕਰ ਦਿੱਤੀ ਜਾਵੇਗੀ ਤਾਂ ਜੋ ਜਲਦੀ ਤੋਂ ਜਲਦੀ ਕਾਰਵਾਈ ਯਕੀਨੀ ਬਣਾਈ ਜਾ ਸਕੇ।
ਇਨ੍ਹਾਂ ਮੀਟਿੰਗਾਂ ਦੌਰਾਨ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਓਪਰੇਟਰਜ਼ ਐਸੋਸੀਏਸ਼ਨ ਵੱਲੋਂ ਬੇਅੰਤ ਸਿੰਘ, ਅਵਤਾਰ ਸਿੰਘ, ਬੋਹੜ ਸਿੰਘ; ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਗੁਰਸੇਵਕ ਸਿੰਘ, ਹਰਮਿੰਦਰ ਸਿੰਘ, ਅਮਨਦੀਪ ਮਾਨਸਾ; ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਮੁਕੇਸ਼ ਮਲੌਦ ਅਤੇ ਧਰਮਵੀਰ ਹਰੀਗੜ੍ਹ ਨੇ ਆਪਣੇ-ਆਪਣੇ ਪੱਖ ਪੇਸ਼ ਕੀਤੇ।