ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਹਤ ਸੇਵਾਵਾਂ ਦੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਅਤੇ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਦੇ ਮੰਤਵ ਨਾਲ ਨਵੇਂ ਸਿਵਲ ਸਰਜਨ, ਸ਼ਹੀਦ ਭਗਤ ਸਿੰਘ ਨਗਰ ਡਾ. ਗੀਤਾਂਜਲੀ ਸਿੰਘ ਨੇ ਅੱਜ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦਾ ਅਚਨਚੇਤ ਦੌਰਾ ਕੀਤਾ। ਇਸ ਨਿਰੀਖਣ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਸਮੁੱਚੇ ਕੰਮਕਾਜ ਅਤੇ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ।
ਹਸਪਤਾਲ ਪਹੁੰਚਣ 'ਤੇ ਸਮੁੱਚੇ ਸਟਾਫ਼ ਵੱਲੋਂ ਨਵੇਂ ਸਿਵਲ ਸਰਜਨ ਡਾ ਗੀਤਾਂਜਲੀ ਸਿੰਘ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵਿੱਚ ਜਾ ਕੇ ਇਲਾਜ ਪ੍ਰਬੰਧਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਐਮਰਜੈਂਸੀ ਸੇਵਾਵਾਂ, ਮਰੀਜ਼ਾਂ ਦੀ ਦੇਖਭਾਲ, ਸਾਫ਼-ਸਫ਼ਾਈ ਪ੍ਰਬੰਧਾਂ ਅਤੇ ਸਿਹਤ ਸਹੂਲਤਾਂ ਦੀ ਉਪਲੱਬਧਤਾ ਦੀ ਪੜਤਾਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦਾਖ਼ਲ ਗਰਭਵਤੀ ਔਰਤਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ।
ਇਸ ਦੌਰਾਨ ਡਾ. ਗੀਤਾਂਜਲੀ ਸਿੰਘ ਨੇ ਕਿਹਾ, "ਸਰਕਾਰੀ ਹਸਪਤਾਲ ਵਿੱਚ ਆਉਣ ਵਾਲੇ ਹਰ ਮਰੀਜ਼ ਨੂੰ ਸਮੇਂ ਸਿਰ ਅਤੇ ਮਿਆਰੀ ਇਲਾਜ ਦੇਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ। ਮਰੀਜ਼ਾਂ ਦੀ ਸੇਵਾ ਵਿੱਚ ਅਣਗਹਿਲੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਸਪਤਾਲ ਦੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਨਿਯਮਿਤ ਸਮੀਖਿਆ ਅਤੇ ਨਿਗਰਾਨੀ ਜਾਰੀ ਰਹੇਗੀ।"
ਸਿਵਲ ਸਰਜਨ ਨੇ ਸਟਾਫ਼ ਨੂੰ ਸਖ਼ਤ ਹਦਾਇਤ ਕੀਤੀ ਕਿ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਨਿਮਰਤਾ, ਸੰਵੇਦਨਸ਼ੀਲਤਾ ਅਤੇ ਸਹਿਯੋਗ ਵਾਲਾ ਵਿਵਹਾਰ ਕੀਤਾ ਜਾਵੇ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਭਰੋਸੇਯੋਗ, ਸੁਚਾਰੂ ਅਤੇ ਮਿਆਰੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਆਮ ਲੋਕਾਂ ਦਾ ਸਰਕਾਰੀ ਸਿਹਤ ਪ੍ਰਣਾਲੀ 'ਤੇ ਵਿਸ਼ਵਾਸ ਹੋਰ ਮਜ਼ਬੂਤ ਹੋਵੇ। ਅੰਤ ਵਿੱਚ ਉਨ੍ਹਾਂ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਅਜੇ ਕੁਮਾਰ ਬਸਰਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।