ਚੰਡੀਗੜ੍ਹ : ਅੱਜ ਹੜਤਾਲ 'ਤੇ ਗਏ ਮੁਲਾਜ਼ਮਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ। ਸਰਕਾਰ ਨੇ ਬਿਨਾਂ ਕਿਸੇ ਮਨਜ਼ੂਰੀ ਦੇ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਸਾਰੇ ਮੁਲਾਜ਼ਮਾਂ ਦੀ ਪੂਰੀ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਹਨ। ਇਸ ਲਈ ਸੈਕਟਰੀ ਪੱਧਰ ਦੇ ਅਧਿਕਾਰੀਆਂ ਨੂੰ ਅੱਜ ਤਕ ਦਾ ਸਮਾਂ ਦਿੱਤਾ ਗਿਆ ਹੈ ਤਾਂ ਕਿ ਗੈਰਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਸਕੇ। ਸਰਕਾਰ ਇਨ੍ਹਾਂ ਸਾਰੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆ ਸਕਦੀ ਹੈ।
ਦਰਅਸਲ ਸਰਕਾਰ ਦਾ ਤਰਕ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀ ਹੜਤਾਲ ਕਰਕੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਸਰਕਾਰੀ ਕੰਮ-ਕਾਜ ਵਿਚ ਵੀ ਰੁਕਾਵਟ ਆਈ ਹੈ। ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਸਰਕਾਰ ਹੁਣ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਕਦਮ ਚੁੱਕਣ ਜਾ ਰਹੀ ਹੈ।