ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਇੱਕ ਸੜਕ ਹਾਦਸੇ ਵਿੱਚ ਹੋਈਆਂ 11 ਲੋਕਾਂ ਦੀਆਂ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ ਅਤੇ ਪੀੜਤਾਂ ਲਈ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ। ਵੀਰਵਾਰ ਨੂੰ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਸ਼੍ਰੀ ਮੋਦੀ ਨੇ ਕਿਹਾ ਕਿ ਉਹ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਮੌਤ ਤੋਂ ਦੁਖੀ ਹਨ। ਉਨ੍ਹਾਂ ਨੇ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸਗ੍ਰੇਸ਼ੀਆ ਦਾ ਐਲਾਨ ਕੀਤਾ।
ਉਨ੍ਹਾਂ ਕਿਹਾ, "ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਅਤੇ ਮਾਲੀ ਨੁਕਸਾਨ ਤੋਂ ਮੈਂ ਬਹੁਤ ਦੁਖੀ ਹਾਂ। ਮੇਰੀਆਂ ਦਿਲੀ ਸੰਵੇਦਨਾਵਾਂ ਸੋਗਗ੍ਰਸਤ ਪਰਿਵਾਰਾਂ ਨਾਲ ਹਨ। ਮੈਂ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ। PMNRF ਇਸ ਦੁਖਦਾਈ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਪ੍ਰਦਾਨ ਕਰੇਗਾ, ਜਦੋਂ ਕਿ ਜ਼ਖਮੀਆਂ ਨੂੰ 50,000 ਰੁਪਏ ਪ੍ਰਤੀ ਵਿਅਕਤੀ ਮਿਲਣਗੇ।" ਜ਼ਿਕਰਯੋਗ ਹੈ ਕਿ ਬੁੱਧਵਾਰ ਰਾਤ ਨੂੰ ਮਿਰਜ਼ਾਪੁਰ ਦੇ ਡਰਮੰਡਗੰਜ ਇਲਾਕੇ ਵਿੱਚ ਇੱਕ ਸੜਕ ਹਾਦਸੇ ਵਿੱਚ ਚਾਰ ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ ਸੀ। ਇਹ ਹਾਦਸਾ ਇੱਕ ਖੜ੍ਹੀ ਪਹਾੜੀ ਸੜਕ 'ਤੇ ਵਾਪਰਿਆ। ਇੱਕ ਬੇਕਾਬੂ ਟਰੱਕ ਦੋ ਕਾਰਾਂ ਨਾਲ ਟਕਰਾ ਗਿਆ, ਜਿਸ ਕਾਰਨ ਵਾਹਨਾਂ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਗੱਡੀ ਵਿਚ ਸਵਾਰ 9 ਲੋਕਾਂ ਦੀ ਜਿਉਂਦੇ ਸੜ ਜਾਣ ਕਾਰਨ ਮੌਤ ਹੋ ਗਈ, ਜਦਕਿ ਬਾਕੀ ਦੀ ਟੱਕਰ ਦੌਰਾਨ ਹੋਈ।